ਸੰਤੋਖ ਗਿੱਲ
ਗੁਰੂਸਰ ਸੁਧਾਰ, 15 ਨਵੰਬਰ
ਕਿਲ੍ਹਾ ਰਾਏਪੁਰ ਵਿਚ ਅਡਾਨੀ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਜਾਰੀ ਲੜੀਵਾਰ ਧਰਨੇ ਦੌਰਾਨ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਆਗੂ ਹਰਨੇਕ ਸਿੰਘ ਗੁੱਜਰਵਾਲ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਬਰਤਾਨਵੀ ਸਾਮਰਾਜ ਵਿਰੁੱਧ ਆਦਿ-ਵਾਸੀ ਵਿਦਰੋਹ ਦੀ ਅਗਵਾਈ ਕਰਨ ਵਾਲੇ ਅਜ਼ਾਦੀ ਘੁਲ਼ਾਟੀਏ ਬਿਰਸਾ ਮੁੰਡਾ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਲਿਤਾੜੇ ਹੋਏ ਲੋਕ ਜਾਗਦੇ ਹਨ ਤਾਂ ਦੁਨੀਆ ਦੀ ਸਭ ਤੋਂ ਵੱਡੀ ਤਾਕਤ ਦੇ ਪੈਰਾਂ ਹੇਠੋਂ ਵੀ ਜ਼ਮੀਨ ਖਿਸਕ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਬਿਰਸਾ ਮੁੰਡਾ ਦੇ ਸਿਧਾਂਤਾਂ ਨੂੰ ਮਲੀਆਮੇਟ ਕਰ ਕੇ ਆਦਿ-ਵਾਸੀ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਤੋਂ ਉਜਾੜ ਕੇ ਜਲ, ਜੰਗਲ ਤੇ ਜ਼ਮੀਨ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ। ਜਨਵਾਦੀ ਇਸਤਰੀ ਸਭਾ ਦੀ ਆਗੂ ਅਮਨਦੀਪ ਕੌਰ, ਸੁਖਵਿੰਦਰ ਕੌਰ, ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋਂ ਨੇ ਕਿਹਾ ਕਿ ਸਰਕਾਰ ਦੀਆਂ ਇਹ ਚਾਲਾਂ ਸਫਲ ਨਹੀਂ ਹੋਣ ਦਿੱਤੀਆਂ ਜਾਣਗੀਆਂ।
ਸਮਾਜ ਭਲਾਈ ਸਭਾ ਵੱਲੋਂ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ
ਦੋਰਾਹਾ (ਪੱਤਰ ਪ੍ਰੇਰਕ): ਇਥੋਂ ਦੀ ਸਮਾਜ ਭਲਾਈ ਸਭਾ ਦੀ ਮੀਟਿੰਗ ਤੇਜਾ ਸਿੰਘ ਅਤੇ ਧਰਮ ਸਿੰਘ ਭੰਗੂ ਦੀ ਸਰਪ੍ਰਸਤੀ ਹੇਠਾਂ ਹੋਈ। ਇਸ ਦੌਰਾਨ ਦੌਰਾਨ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਸਭਾ ਦੇ ਬਾਨੀ ਸਰਬਜੀਤ ਕੌਰ ਦੀ ਮੌਤ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿਚ ਲੋੜਵੰਦ ਪਰਿਵਾਰਾਂ ਨੂੰ ਅਮਰਜੈਂਸੀ ਮੌਕੇ ਮੁਫ਼ਤ ਸੇਵਾਵਾਂ ਦੇਣ ਲਈ ਨਵੀਂ ਗੱਡੀ ਖਰੀਦਣ ਦਾ ਮਤਾ ਵੀ ਪਾਸ ਕੀਤਾ ਗਿਆ। ਇਸ ਮੌਕੇ ਲੋਕ ਭਲਾਈ ਕੰਮਾਂ ਵਿਚ ਮੋਹਰੀ ਭੂੁਮਿਕਾ ਨਿਭਾਉਣ ਵਾਲੇ ਸੁਖਦੇਵ ਸਿੰਘ ਬਹਿਰਾਮਪੁਰ (ਰੋਪੜ) ਦਾ ਸਨਮਾਨ ਕੀਤਾ ਗਿਆ।