ਸੰਤੋਖ ਗਿੱਲ
ਗੁਰੂਸਰ ਸੁਧਾਰ, 24 ਮਈ
ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਗ਼ਦਰ ਲਹਿਰ ਦੇ ਮਹਾਨ ਨਾਇਕ ਤੇ ਛੋਟੀ ਉਮਰੇ ਦੇਸ਼ ਦੀ ਅਜ਼ਾਦੀ ਲਈ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸੰਯੁਕਤ ਕਿਸਾਨ ਮੋਰਚਾ ਅਤੇ ਜਮਹੂਰੀ ਕਿਸਾਨ ਸਭਾ ਨੇ ਯਾਦ ਕੀਤਾ। ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਲੜੀਵਾਰ ਧਰਨੇ ਦੌਰਾਨ ਸ਼ਹੀਦ ਸਰਾਭਾ ਦੇ ਜਨਮ ਦਿਨ ਮੌਕੇ ਲੱਡੂ ਵੰਡੇ ਗਏ। ਲੜੀਵਾਰ ਧਰਨੇ ਦੀ ਅਗਵਾਈ ਅਮਨਦੀਪ ਕੌਰ, ਪਰਮਜੀਤ ਕੌਰ ਅਤੇ ਗੁਰਮੀਤ ਕੌਰ ਨੇ ਕੀਤੀ।
ਲੁਧਿਆਣਾ (ਸਤਵਿੰਦਰ ਬਸਰਾ/ਗੁਰਿੰਦਰ ਸਿੰਘ): ਇਥੋਂ ਦੇ ਮੁਹੱਲਾ ਲਾਲ ਬਾਗ ਨਿਊ ਰਾਜਗੁਰੂ ਨਗਰ ਵਿੱਚ ਸਮੁਚੇ ਮੁਹੱਲੇ ਦੇ ਸਹਿਯੋਗ ਨਾਲ 26 ਮਈ ਨੂੰ ਘਰਾਂ ਉਤੇ ਕਾਲੇ ਝੰਡੇ ਲਗਾ ਕੇ ਕਾਲਾ ਦਿਨ ਮਨਾਇਆ ਜਾਵੇਗਾ ਤੇ ਮੋਦੀ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਨਾਜਰ ਸਿੰਘ, ਸਕੱਤਰ ਬਲਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਐੱਸਪੀ ਸਿੰਘ, ਗੁਰਨਾਮ ਸਿੰਘ ਗਿੱਲ, ਰਾਜਿੰਦਰ ਭੱਠਲ ਤੇ ਨਰਿੰਦਰ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਸਾਰੇ ਪ੍ਰਬੰਧ ਕਰ ਲਏ ਗਏ ਹਨ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 26 ਮਈ ਨੂੰ ਪੂਰੇ ਦੇਸ਼ ਅੰਦਰ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਜਥੇਬੰਦੀ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ 26 ਮਈ ਨੂੰ ਪੂਰੇ ਦੇਸ਼ ਅੰਦਰ ਕਾਲਾ ਦਿਵਸ ਮਨਾਉਂਦਿਆਂ ਰੋਸ ਵਿਖਾਵੇ ਕੀਤੇ ਜਾਣਗੇ ਕਿਉਂਕਿ ਇਸ ਦਿਨ ਦੇਸ਼ ਦੇ ਕਿਸਾਨਾਂ ਦੁਆਰਾਂ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਬਾਰਡਰਾਂ ਤੇ ਜੋ ਧਰਨੇ ਦਿੱਤੇ ਜਾ ਰਹੇ ਹਨ ਉਨ੍ਹਾਂ ਦੇ 6 ਮਹੀਨੇ ਪੂਰੇ ਹੋ ਜਾਣੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਕਿਸਾਨ ਲਗਾਤਾਰ ਦਿੱਲੀ ਧਰਨਿਆਂ ਉੱਪਰ ਡੱਟੇ ਹੋਏ ਹਨ ਅਤੇ ਹੁਣ ਤੱਕ 500 ਤੋਂ ਵੱਧ ਕਿਸਾਨ ਸ਼ਹੀਦ ਹੋ ਚੁਕੇ ਹਨ ਪਰ ਕੇਂਦਰ ਦੀ ਜ਼ਾਲਮ ਸਰਕਾਰ ਦਾ ਵਤੀਰਾ ਕਿਸਾਨਾਂ ਖ਼ਿਲਾਫ਼ ਪਹਿਲਾਂ ਵਾਲਾ ਹੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਵੱਲ੍ਹ ਉਸ ਦਾ ਕੋਈ ਧਿਆਨ ਨਹੀਂ ਹੈ।
ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਨੇੜਲੇ ਪਿੰਡ ਕਮਾਲਪੁਰਾ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਪ੍ਰਧਾਨਗੀ ਹੇਠ ਵਰਕਰਾਂ ਦੀ ਇਸ ਸਿੱਖਿਆ ਮੀਟਿੰਗ ’ਚ ਭਰਵੀਂ ਇਕੱਤਰਤਾ ਦੇਖਣ ਨੂੰ ਮਿਲੀ। ਇਸ ’ਚ ਔਰਤਾਂ ਨੇ ਵੀ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਛੇ ਮਹੀਨੇ ਦੇ ਕਿਸਾਨੀ ਸੰਘਰਸ਼ ਦਾ ਲੇਖਾ-ਜੋਖਾ ਵੀ ਕੀਤਾ ਗਿਆ। ਵੱਖ-ਵੱਖ ਬਲਾਕਾਂ ਅਧੀਨ ਸਾਰੀਆਂ ਪਿੰਡ ਇਕਾਈਆਂ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਲੰਮਾ ਚੱਲੇਗਾ ਜਿਸ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ। ਇਥੇ ਜਗਰਾਉਂ ਰੇਲਵੇ ਪਾਰਕ ਅਤੇ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਚੌਕੀਮਾਨ ਟੌਲ ਪਲਾਜ਼ਾ ਵਿੱਚ ਚੱਲ ਰਹੇ ਕਿਸਾਨ ਮੋਰਚਿਆਂ ’ਚ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੋਦੀ ਹਕੂਮਤ ਵਾਲੀ ਬੋਲੀ ਬੋਲਣੀ ਸ਼ੁਰੂ ਕਰ ਦਿੱਤੀ ਹੈ। ਜਿਸ ਤਰ੍ਹਾਂ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਮੰਤਰੀ ਕਰੋਨਾ ਨੂੰ ਲੈ ਕੇ ਕਿਸਾਨਾਂ ਸਿਰ ਠੀਕਰਾ ਭੰਨ੍ਹਣ ਵਾਲੇ ਬਿਆਨ ਦੇਣ ਤੋਂ ਪਰਹੇਜ਼ ਨਹੀਂ ਕਰਦੇ, ਉਸੇ ਤਰ੍ਹਾਂ ਹੁਣ ਪਟਿਆਲਾ ’ਚ ਕਿਸਾਨ ਧਰਨੇ ਬਾਰੇ ਕੈਪਟਨ ਨੇ ਬੋਲਣਾ ਸ਼ੁਰੂ ਕਰ ਦਿੱਤਾ ਹੈ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ’ਤੇ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਲੀਆਂ ਝੰਡੀਆਂ ਲਾ ਕੇ ਮੋਦੀ ਸਰਕਾਰ ਦਾ ਪੁਤਲਾ ਫ਼ੂਕਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਕੁੱਪ ਕਲਾਂ (ਕੁਲਵਿੰਦਰ ਸਿੰਘ ਗਿੱਲ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਹਿਰਾਂ ਟੌਲ ਪਲਾਜ਼ਾ ’ਤੇ ਲਗਾਤਾਰ ਚੱਲ ਰਹੇ 236 ਦਿਨ ਧਰਨੇ ’ਤੇ ਬਲਾਕ ਪ੍ਰਧਾਨ ਸੇਰ ਸਿੰਘ ਮਹੋਲੀ ਖੁਰਦ ਦੀ ਅਗਵਾਈ ਹੇਠ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਅਮਰਜੀਤ ਸਿੰਘ ਧਲੇਰ ਨੇ ਦੱਸਿਆ ਕਿ ਇਸ ਸਮੇਂ ਮੋਮਬੱਤੀਆਂ ਜਗਾ ਕੇ ਲੱਡੂ ਵੰਡੇ ਸਹੀਦ ਕਰਤਾਰ ਸਿੰਘ ਸਰਾਭਾ ਜੀ ਨੂੰ ਯਾਦ ਕੀਤਾ ਗਿਆ ਇਸ ਦਿਹਾੜੇ ਨੂੰ ਮਨਾਉਣ ਤੋਂ ਪਹਿਲਾਂ ਧਰਨੇ ਵਾਲੀ ਜਗਾ ਨੂੰ ਸੈਨੇਟਾਈਜ਼ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰੋਸ ਜ਼ਾਹਰ ਕੀਤਾ ਗਿਆ।
ਰਾਸ਼ਨ ਤੇ ਆਰਥਿਕ ਸਹਾਇਤਾ ਲੈ ਕੇ ਜਥਾ ਰਵਾਨਾ
ਗੁਰੂਸਰ ਸੁਧਾਰ (ਸੰਤੋਖ ਗਿੱਲ): ਸੰਯੁਕਤ ਕਿਸਾਨ ਮੋਰਚੇ ਦੇ ਆਗੂ ਚਰਨਜੀਤ ਸਿੰਘ ਗਿੱਲ, ਇਕਬਾਲ ਸਿੰਘ ਗਿੱਲ, ਸੁਰਿੰਦਰ ਸਿੰਘ ਗਿੱਲ ਅਤੇ ਰੁਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਦਿਨੀਂ ਦਿੱਲੀ ਦੇ ਸਿੰਘੂ ਬਾਰਡਰ ਉੱਪਰ ਝੁੱਲੇ ਝੱਖੜਾਂ ਕਾਰਨ ਕਿਸਾਨਾਂ ਦੀਆਂ ਝੌਂਪੜੀਆਂ ਮੁਰੰਮਤ ਬਾਦ ਮੁੜ ਪੈਰਾਂ ਸਿਰ ਕਰ ਲਈਆਂ ਹਨ ਅਤੇ ਭਵਿੱਖ ਵਿੱਚ ਮੀਂਹ-ਹਨੇਰੀ ਤੋਂ ਬਚਾਅ ਲਈ ਪੱਕੇ ਇੰਤਜ਼ਾਮ ਕੀਤੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਆਟਾ ਅਤੇ ਹੋਰ ਖਾਣ-ਪੀਣ ਦੀ ਸਮਗਰੀ ਦੀ ਲੋੜ ਅਨੁਸਾਰ ਵੰਡ ਦਾ ਪੁਖ਼ਤਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸਿੰਘੂ ਬਾਰਡਰ ਉੱਪਰ ਪੱਕੇ ਮੋਰਚੇ ਲਈ ਰਾਸ਼ਨ ਅਤੇ ਉੱਥੇ ਉਸਾਰੇ ਆਰਜ਼ੀ ਘਰਾਂ ਲਈ ਆਰਥਿਕ ਸਹਾਇਤਾ ਅੱਜ ਭੇਜੀ ਗਈ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
ਪਾਇਲ (ਪੱਤਰ ਪ੍ਰੇਰਕ): ਕਿਸਾਨ ਅੰਦੋਲਨ ਨੂੰ ਸਰਗਰਮੀ ਨਾਲ ਚਲਾਉਣ ਲਈ ਤੇ ਕਿਸਾਨਾਂ ਦੇ ਕਾਫਲੇ ਦਿੱਲੀ ਲਿਜਾਣ ਲਈ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਹਲਕਾ ਕੋਆਰਡੀਨੇਟਰ ਬੂਟਾ ਸਿੰਘ ਰਾਏਪੁਰ ਨੇ ਅੱਜ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਪੰਜਰੁੱਖਾ ਵਿੱਚ ਬੂਟਾ ਸਿੰਘ ਦਾ ਕਿਸਾਨੀ ਅੰਦੋਲਨ ਵਿੱਚ ਪਿਛਲੇ 6 ਮਹੀਨੇ ਤੋਂ ਆਪਣੀਆਂ ਸੇਵਾਵਾਂ ਦੇਣ ਬਦਲੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬੂਟਾ ਸਿੰਘ ਰਾਏਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰ ਇਕ ਪੰਜਾਬੀ ਦਾ ਫਰਜ਼ ਬਣਦਾ ਹੈ ਕਿ ਜੇਕਰ ਉਹ ਮੋਰਚੇ ਵਿੱਚ ਨਹੀਂ ਜਾ ਸਕਦਾ ਤਾਂ ਘੱਟੋ ਘੱਟ ਸੋਸ਼ਲ ਮੀਡੀਆ ’ਤੇ ਸਰਮਰਮੀ ਨਾਲ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਵੇ। ਉਨ੍ਹਾਂ ਕਿਹਾ ਕਿ 26 ਮਈ ਨੂੰ ਹਰ ਇਕ ਪੰਜਾਬੀ ਕਿਸਾਨ ਮੋਰਚੇ ਦੀ ਅਪੀਲ ’ਤੇ ਰੋਸ ਵਿਖਾਵਿਆਂ ਵਿੱਚ ਜ਼ਰੂਰ ਸ਼ਾਮਲ ਹੋਵੇ।
ਸ਼ਹੀਦ ਕਿਸਾਨ ਦੇ ਪਰਿਵਾਰ ਨੂੰ 2 ਲੱਖ ਦਾ ਚੈੱਕ ਭੇਟ
ਰਾਏਕੋਟ (ਰਾਮ ਗੋਪਾਲ ਰਾਏਕੋਟੀ): ਕਿਸਾਨੀ ਸੰਘਰਸ਼ ਟਿਕਰੀ ਬਾਰਡਰ ਦਿੱਲੀ ਤੋਂ ਪਰਤਦਿਆਂ ਨੇੜਲੇ ਪਿੰਡ ਜਲਾਲਦੀਵਾਲ ਦੇ ਕਿਸਾਨ ਹਾਕਮ ਸਿੰਘ ਸਰਾਂ ਦੀ ਬੀਤੇ ਕੱਲ੍ਹ ਮੌਤ ਹੋ ਗਈ ਸੀ, ਉਨ੍ਹਾਂ ਦੇ ਪਰਿਵਾਰ ਨਾਲ ਅੱਜ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸ਼ਹੀਦ ਕਿਸਾਨ ਹਾਕਮ ਸਿੰਘ ਸਰਾਂ ਦੇ ਪੁੱਤਰ ਸਤਨਾਮ ਸਿੰਘ ਸਰਾਂ ਨੂੰ ਸਹਾਇਤਾ ਰਾਸੀ ਵਜੋਂ 2 ਲੱਖ ਦਾ ਚੈੱਕ ਭੇਟ ਕੀਤਾ ਗਿਆ ਤੇ 3 ਲੱਖ ਦੀ ਸਹਾਇਤਾ ਰਾਸੀ ਦਾ ਚੈੱਕ ਭੋਗ ਤੇ ਦੇਣ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਵਾਉਣ ਲਈ ਯਤਨ ਕਰਨ ਦਾ ਭਰੋਸਾ ਦਿੱਤਾ। ਡਾ. ਅਮਰ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਕਿਰਸਾਨੀ ਦੇ ਖੜ੍ਹੀ ਹੈ, ਜੇਕਰ ਕਿਰਸਾਨੀ ਹੀ ਨਾ ਰਹੀ ਤਾਂ ਪੰਜਾਬ ਦੇ ਹਾਲਾਤ ਬਹੁਤ ਵਿਗੜ ਜਾਣਗੇ।