ਸੰਤੋਖ ਗਿੱਲ
ਗੁਰੂਸਰ ਸੁਧਾਰ, 23 ਜੂਨ
ਸੰਯੁਕਤ ਕਿਸਾਨ ਮੋਰਚਾ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਅਤੇ ਕਾਰਪੋਰੇਟ ਘਰਾਣਿਆਂ ਦੀ ਲੁੱਟ ਵਿਰੁੱਧ ਦੇਸ਼ ਭਰ ਵਿੱਚ 26 ਜੂਨ ਨੂੰ ਰਾਜ ਭਵਨਾਂ ਦਾ ਘਿਰਾਓ ਕਰ ਕੇ ਮੋਦੀ ਸਰਕਾਰ ਨੂੰ ਵਿਵਾਦਿਤ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰਨਗੇ। ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਪੱਕਾ ਮੋਰਚਾ ਲਾ ਕੇ ਬੈਠੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਇਲਾਕੇ ਦੇ ਪਿੰਡਾਂ ਵਿੱਚੋਂ ਵੱਡਾ ਜਥਾ ਚੰਡੀਗੜ੍ਹ ਵੱਲ ਕੂਚ ਕਰੇਗਾ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਔਰਤਾਂ ਸ਼ਾਮਲ ਹੋਣਗੀਆਂ।
ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਅਤੇ ਜਨਵਾਦੀ ਇਸਤਰੀ ਸਭਾ ਦੇ ਜ਼ਿਲ੍ਹਾ ਸਹਾਇਕ ਸਕੱਤਰ ਕੁਲਜੀਤ ਕੌਰ ਗਰੇਵਾਲ ਨੇ ਕਿਲ੍ਹਾ ਰਾਏਪੁਰ ਵਿਚ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਰ ਵਿਚ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੇ ਆਗੂਆਂ ਦਾ ਬਾਈਕਾਟ ਜਾਰੀ ਰਹੇਗਾ।