ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 19 ਅਪਰੈਲ
ਹਲਕਾ ਸਾਹਨੇਵਾਲ ਅਧੀਨ ਪੈਂਦੀ ਕੂੰਮਕਲਾਂ ਦਾਣਾ ਮੰਡੀ ਵਿੱਚ ਪਿਛਲੇ 3 ਦਿਨਾਂ ਤੋਂ ਬਾਰਦਾਨੇ ਦੀ ਕਮੀ ਅਤੇ ਫਸਲ ਦਾ ਭਾਅ ਨਾ ਲੱਗਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਰੋਸ ਮੁਜ਼ਾਹਰਾ ਕੀਤਾ। ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਗਿਆਨ ਸਿੰਘ ਮੰਡ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿਹਾ ਕਿ ਕੂੰਮਕਲਾਂ ਮੰਡੀ ’ਚ ਪਿਛਲੇ ਤਿੰਨ ਦਿਨਾਂ ਤੋਂ ਬਾਰਦਾਨਾ ਨਾ ਆਉਣ ਕਾਰਨ ਖਰੀਦ ਏਜੰਸੀਆਂ ਭਾਅ ਨਹੀਂ ਲਗਾ ਰਹੀਆਂ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿਚ ਰਾਤਾਂ ਕੱਟ ਕੇ ਪ੍ਰੇਸ਼ਾਨ ਹੋ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਬਾਰਦਾਨਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਫਸਲ ਵਿਕ ਸਕੇ ਪਰ ਕੋਈ ਠੋਸ ਕਾਰਵਾਈ ਨਾ ਹੋਈ। ਕਿਸਾਨਾਂ ਦੇ ਰੋਸ ਧਰਨੇ ਤੋਂ ਬਾਅਦ ਡਿਪਟੀ ਕਮਿਸ਼ਨਰ ਲੁਧਿਆਣਾ ਤੇ ਮੰਡੀ ਅਫ਼ਸਰ ਨੇ ਵਿਸ਼ਵਾਸ ਦਿਵਾਇਆ ਕਿ ਅੱਜ ਸ਼ਾਮ ਤੱਕ ਬਾਰਦਾਨਾ ਮੁਹੱਈਆ ਹੋ ਜਾਵੇਗਾ ਅਤੇ ਖਰੀਦ ਸੁਚਾਰੂ ਢੰਗ ਨਾਲ ਚੱਲੇਗੀ। ਇਸ ਤੋਂ ਬਾਅਦ ਯੂਨੀਅਨ ਨੇ ਧਰਨਾ ਚੁੱਕਿਆ। ਇਸ ਮੌਕੇ ਰਘਬੀਰ ਸਿੰਘ ਕੂੰਮਕਲਾਂ, ਭਜਨ ਸਿੰਘ ਮੰਡ, ਗੁਰਦਿਆਲ ਸਿੰਘ ਸਮੇਤ ਅਨੇਕਾਂ ਕਿਸਾਨ ਸ਼ਾਮਲ ਸਨ।