ਜਸਵੀਰ ਸਿੰਘ ਸ਼ੇਤਰਾ
ਜਗਰਾਉਂ, 30 ਜੂਨ
ਵਿਧਾਨ ਸਭਾ ਚੋਣਾਂ ਨੇੜੇ ਆਉਣ ਕਰਕੇ 9 ਮਹੀਨੇ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਪਾਸੇ ਛੱਡ ਕੇ ਮੌਕਾਪ੍ਰਸਤ ਸਿਆਸੀ ਟੋਲੇ ਪਿੰਡਾਂ ਵੱਲ ਨੂੰ ਹੋ ਤੁਰੇ ਹਨ। ਪਿੰਡਾਂ ’ਚ ਲੋਕ ਹਰ ਰੰਗ ਦੇ ਸਿਆਸੀ ਟੋਲਿਆਂ ਨੂੰ ਘੇਰ ਕੇ ਲਾਜ਼ਮੀ ਸਵਾਲ ਜਵਾਬ ਕਰਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਅਤੇ ਸੰਘ ਦਾ ਪੰਜਾਬ ਦੇ ਪਿੰਡਾਂ ’ਚ ਪੂਰਾ ਬਾਈਕਾਟ ਕੀਤਾ ਹੋਇਆ ਹੈ ਤੇ ਬਾਕੀ ਰਾਜਸੀ ਧਿਰਾਂ ਨੂੰ ਉਨ੍ਹਾਂ ਦੇ ਕੀਤੇ ਵਾਅਦਿਆਂ ਦੀ ਉੱਡੀ ਧੂੜ ਬਾਰੇ ਸਵਾਲ ਜਵਾਬ ਕੀਤੇ ਜਾਣ। ਇਹ ਪ੍ਰਗਟਾਵਾ ਇਥੇ ਰੇਲਵੇ ਪਾਰਕ ’ਚ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ਦੇ 272ਵੇਂ ਦਿਨ ਅੱਜ ਕਿਸਾਨ ਆਗੂਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ’ਚ ਅਜਿਹਾ ਵਰਤਾਰਾ ਸ਼ੁਰੂ ਵੀ ਹੋ ਚੁੱਕਾ ਹੈ ਪਰ ਜਿਹੜੇ ਪਿੰਡ ਹਾਲੇ ਅਵੇਸਲੇ ਹਨ, ਉਹ ਵੀ ਤਿਆਰ ਰਹਿਣ। ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਨੂੰ ਹਰ ਪਾਸਿਓਂ ਨਪੀੜਿਆ ਜਾ ਰਿਹਾ ਹੈ।
ਕਿਸਾਨਾਂ ਨੇ ਮਹਿੰਗਾਈ ਵਿਰੁੱਧ ਰੋਸ ਪ੍ਰਗਟਾਇਆ
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਹਕੂਮਤ ਵਿਰੁੱਧ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਲੜੀਵਾਰ ਧਰਨਾ ਜਾਰੀ ਹੈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਦੇ ਪੱਖ ਦੀਆਂ ਨੀਤੀਆਂ ਕਾਰਨ ਦੇਸ਼ ਵਿੱਚ ਮਹਿੰਗਾਈ ਸਿਖ਼ਰਾਂ ਨੂੰ ਛੂਹ ਰਹੀ ਹੈ। ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬੇਲਗ਼ਾਮ ਹੋ ਗਈਆਂ ਹਨ। ਧਰਨਾਕਾਰੀਆਂ ਦੀ ਅਗਵਾਈ ਸੁਖਵਿੰਦਰ ਕੌਰ, ਅਮਨਦੀਪ ਕੌਰ ਅਤੇ ਪਰਮਜੀਤ ਕੌਰ ਨੇ ਕੀਤੀ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕਾਰਪੋਰੇਟ ਘਰਾਣੇ ਨਿੱਤ ਵਰਤੋਂ ਦੀਆਂ ਚੀਜ਼ਾਂ ਨੂੰ ਭੰਡਾਰ ਕਰ ਕੇ ਕਾਲਾਬਾਜ਼ਾਰੀ ਕਰ ਰਹੇ ਹਨ। ਧਰਨਾਕਾਰੀਆਂ ਨੇ ਮਹਿੰਗਾਈ ਵਿਰੁੱਧ ਮੁੱਖ ਮਾਰਗ ਉੱਪਰ ਰੋਸ ਪ੍ਰਗਟ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।
ਹੂਲ ਕ੍ਰਾਂਤੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਧਰਨੇ ਦੌਰਾਨ ਸਭਾ ਤੋਂ ਪਹਿਲਾਂ ਅੱਜ ਦੇ ਦਿਨ 30 ਜੂਨ 1855 ਨੂੰ ਝਾਰਖੰਡ ਦੇ ਕਬਾਇਲੀ ਇਲਾਕਿਆਂ ’ਚ ਅੰਗਰੇਜ਼ਾਂ ਖ਼ਿਲਾਫ਼ ਉੱਠੀ ਹੂਲ ਕ੍ਰਾਂਤੀ ਦੇ ਸ਼ਹੀਦ ਚਾਰ ਸਕੇ ਭਰਾਵਾਂ ਸਿਦੋ, ਕੰਨੂ, ਚਾਂਦ ਤੇ ਭੈਰਵ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।