ਨਿੱਜੀ ਪੱਤਰ ਪ੍ਰੇਰਕ
ਖੰਨਾ, 28 ਸਤੰਬਰ
ਇਥੋਂ ਦੇ ਲਲਹੇੜੀ ਚੌਕ ’ਤੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡਾਂ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਅੱਜ ਦਾ ਦਿਨ ਸਭਾ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 114ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਅਤੇ ਕਿਸਾਨਾਂ ਤੇ ਮਜ਼ਦੂਰਾਂ ਨੇ ਮਿਲ ਕੇ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ ਦਾ ਪ੍ਰਣ ਕੀਤਾ। ਇਸ ਮੌਕੇ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਰੰਭ ਕੀਤੇ ਕਿਸਾਨ ਅੰਦੋਲਨ ਨੇ ਨੌਜਵਾਨਾਂ ਅੰਦਰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਪਰਪੱਕ ਕੀਤਾ ਅਤੇ ਉਨ੍ਹਾਂ ਨੂੰ ਤਰਕ ਦਾ ਜਵਾਬ ਤਰਕ ਨਾਲ ਦੇਣ ਲਈ ਵਿਚਾਰਕ ਤੌਰ ’ਤੇ ਤਿਆਰ ਕੀਤਾ ਹੈ। ਅੱਜ ਦੇਸ਼ ਦਾ ਕਿਸਾਨ-ਮਜ਼ਦੂਰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਇਆ ਹੈ ਤੇ ਮੌਕੇ ਰਾਜਨੀਤਕ ਨੇਤਾਵਾਂ ਨੂੰ ਸਾਰਥਕ ਸਵਾਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਉਸ ਮਹਾਨ ਸ਼ਹੀਦ ਦਾ ਜਨਮ ਦਿਹਾੜਾ ਹੈ, ਜਿਸ ਨੇ ਘੱਟ ਉਮਰ ਵਿਚ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਫਾਂਸੀ ਦਾ ਰੱਸਾ ਚੁੰਮ ਲਿਆ ਸੀ। ਇਸ ਮੌਕੇ ਹਰਚੰਦ ਸਿੰਘ ਤੇ ਨੇਤਰ ਸਿੰਘ ਨਾਗਰਾ ਨੇ ਕਿਹਾ ਕਿ ਮੋਦੀ-ਸ਼ਾਹ ਜੋੜੀ ਆਪਣੇ ਕਾਰਪੋਰੇਟ ਮਿੱਤਰ ਅੰਡਾਨੀ ਤੇ ਅੰਬਾਨੀ ਨੂੰ ਫਾਇਦਾ ਪਹੁੰਚਾਉਣ ਲਈ ਖੇਤੀ ਸੈਕਟਰ ’ਤੇ ਕਾਬਜ਼ ਕਰਵਾਉਣਾ ਚਾਹੁੰਦੀ ਹੈ, ਜਿਨ੍ਹਾਂ ਦੇ ਮਨਸੂਬੇ ਕਦੇ ਸਫ਼ਲ ਨਹੀਂ ਹੋਣਗੇ। ਇਸ ਮੌਕੇ ਸੁਰਿੰਦਰ ਸਿੰਘ, ਲਵਪ੍ਰੀਤ ਸਿੰਘ, ਰਣਜੀਤ ਸਿੰਘ ਤੇ ਸੁਖਜੀਤ ਸਿੰਘ ਆਦਿ ਹਾਜ਼ਰ ਸਨ।