ਗੁਰਿੰਦਰ ਸਿੰਘ
ਲੁਧਿਆਣਾ, 8 ਫਰਵਰੀ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਨੂੰ ਨਿਗਮ ਚੋਣਾਂ ਵਿੱਚ ਆਪਣੀ ਹਾਰ ਸਪੱਸ਼ਟ ਦਿਖਾਈ ਦੇ ਰਹੀ ਹੈ। ਇਸ ਕਾਰਨ ਉਸ ਦੇ ਵਰਕਰ ਬੁਖਲਾਹਟ ਵਿੱਚ ਆ ਗਏ ਹਨ। ਇਸ ਨਾਲ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਉਹ ਅੱਜ ਇੱਥੇ ਨਿਗਮ ਚੋਣਾਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਵਿੱਚ ਸੰਗਠਨ ਜਨਰਲ ਸਕੱਤਰ ਦਿਨੇਸ਼ ਕੁਮਾਰ, ਪ੍ਰਦੇਸ਼ ਭਾਜਪਾ ਸਹਿ ਇੰਚਾਰਜ ਡਾ. ਨਰਿੰਦਰ ਸਿੰਘ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਸਾਬਕਾ ਭਾਜਪਾ ਪ੍ਰਧਾਨ ਪ੍ਰੋ. ਰਜਿੰਦਰ ਭੰਡਾਰੀ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਅੰਜ਼ਾਮ ਭੁਗਤਣ ਦੀਆਂ ਧਮਕੀਆਂ ਦੇ ਕੇ ਉਨ੍ਹਾਂ ਨੂੰ ਚੋਣ ਮੈਦਾਨ ਤੋਂ ਹਟਣ ਅਤੇ ਚੋਣ ਪ੍ਰਚਾਰ ਤੋਂ ਰੋਕ ਰਹੇ ਹਨ ਜਦਕਿ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਚੁੱਪ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਪਣੀ ਸਾਖ ਬਚਾਉਣ ਲਈ ਕਿਸਾਨਾਂ ਦੀ ਆੜ ਲੈ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ’ਤੇ ਤੁਲੇ ਹੋਏ ਹਨ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁਕੀ ਹੈ ਪਰ ਪੁਲੀਸ ਅਤੇ ਪ੍ਰਸ਼ਾਸਨ ਮੂਕ ਦਰਸ਼ਕ ਬਣੇ ਹੋਏ ਹਨ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਕਿਹਾ ਕਿ ਉਹ ਕਾਂਗਰਸ ਦੀਆਂ ਚਾਲਾਂ ਤੋਂ ਸੁਚੇਤ ਰਹਿੰਦੇ ਹੋਏ ਪਾਰਟੀ ਉਮੀਦਵਾਰਾਂਦੀ ਜਿੱਤ ਲਈ ਮੈਦਾਨ ਵਿੱਚ ਡਟੇ ਰਹਿਣ। ਉਨ੍ਹਾਂ ਸਾਰੇ ਜ਼ਿਲ੍ਹਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਚੋਣਾਂ ਸਬੰਧੀ ਵਿਚਾਰ ਵਟਾਂਦਰੇ ਕਰਦਿਆਂ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।