ਸੰਤੋਖ ਗਿੱਲ
ਗੁਰੂਸਰ ਸੁਧਾਰ, 27 ਅਪਰੈਲ
ਸੂਬੇ ਵਿੱਚ ਕਰੋਨਾ ਮਹਾਮਾਰੀ ਦੇ ਵਧ ਰਹੇ ਕਹਿਰ ਨੂੰ ਦੇਖਦਿਆਂ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸਿੰਘ ਸੋਹਲ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਸਖ਼ਤੀ ਨਾਲ ਤਾਲਾਬੰਦੀ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਪ ਪੁਲੀਸ ਕਪਤਾਨ ਦਾਖਾ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਵਿਚ ਮੁੱਲਾਂਪੁਰ-ਦਾਖਾ, ਗੁਰੂਸਰ ਸੁਧਾਰ ਅਤੇ ਜੋਧਾਂ ਕਸਬਿਆਂ ਵਿੱਚ ਫਲੈਗ ਮਾਰਚ ਕਰ ਕੇ ਲੋਕਾਂ ਨੂੰ ਸਖ਼ਤੀ ਦਾ ਸਪੱਸ਼ਟ ਸੰਦੇਸ਼ ਦਿੱਤਾ ਗਿਆ। ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਪ੍ਰੇਮ ਸਿੰਘ ਭੰਗੂ, ਥਾਣਾ ਸੁਧਾਰ ਦੇ ਮੁਖੀ ਜਸਵੀਰ ਸਿੰਘ ਬੁੱਟਰ ਅਤੇ ਥਾਣਾ ਜੋਧਾਂ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੀ ਆਪਣੇ ਥਾਣਿਆਂ ਦੀ ਪੁਲੀਸ ਸਮੇਤ ਫਲੈਗ ਮਾਰਚ ਵਿਚ ਸ਼ਮੂਲੀਅਤ ਕੀਤੀ।
ਉਪ ਪੁਲੀਸ ਕਪਤਾਨ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿਚ ਪੈਦਾ ਹੋਏ ਨਾਜ਼ੁਕ ਹਾਲਤ ਦੇ ਮੱਦੇ ਨਜ਼ਰ ਅਗਲੇ ਹੁਕਮਾਂ ਤੱਕ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਸਵੇਰ 5 ਵਜੇ ਤੱਕ ਅਤੇ ਸ਼ਹਿਰੀ ਖੇਤਰ ਵਿਚ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫ਼ਿਊ ਲਾਗੂ ਰਹੇਗਾ। ਇਸ ਦੌਰਾਨ ਦਵਾਈਆਂ ਦੀਆਂ ਦੁਕਾਨਾਂ ਅਤੇ ਹਸਪਤਾਲਾਂ ਤੋਂ ਬਿਨਾ ਹੋਰ ਸਭ ਵਪਾਰਕ ਅਦਾਰੇ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਸ਼ਨਿਚਰਵਾਰ ਅਤੇ ਐਤਵਾਰ ਮੁਕੰਮਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸੇ ਦੌਰਾਨ ਉਪ ਪੁਲੀਸ ਕਪਤਾਨ ਗੁਰਬੰਸ ਸਿੰਘ ਬੈਂਸ ਨੇ ਇਲਾਕੇ ਦੇ ਸਮੁੱਚੇ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਮੁਲਾਕਾਤ ਕਰ ਕੇ ਕਿਸੇ ਵੀ ਸਮਾਗਮ ਵਿੱਚ 20 ਤੋਂ ਵੱਧ ਵਿਅਕਤੀ ਇਕੱਤਰ ਨਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਇਹ ਵੀ ਕਿਹਾ ਕਿ ਪੀੜਤ ਲੋਕਾਂ ਦੀ ਮਦਦ ਲਈ ਵਲੰਟੀਅਰਾਂ ਦੀ ਸਹਾਇਤਾ ਲਈ ਜਾਵੇਗੀ ਤਾਂ ਕਿ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।