ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 7 ਅਪਰੈਲ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਏਕੇ ਸ਼ਰਮਾ ਵੱਲੋਂ ਅੱਜ ਆਪਣੀ ਲੁਧਿਆਣਾ ਫੇਰੀ ਦੌਰਾਨ ਸਥਾਨਕ ਸਰਕਟ ਹਾਊਸ ਵਿੱਚ ਫੂਡ ਸਪਲਾਈ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਪੜਚੋਲ ਕਰਦਿਆਂ ਕਿਹਾ ਕਿ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਵੱਖ-ਵੱਖ ਸਕੀਮਾਂ ਨੂੰ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇ। ਏਕੇ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਰਾਸ਼ਨ ਡਿਪੂਆਂ ਵੱਲੋਂ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਦੀ ਮਾਤਰਾ ਘੱਟ ਹੁੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਪਾਏ ਜਾਣ ’ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੈਂਬਰ ਏਕੇ ਸ਼ਰਮਾ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ, ਮਿੱਡ-ਡੇਅ ਮੀਲ ਦੀ ਵੰਡ, ਆਂਗਣਵਾੜੀ ਵਰਕਰਾਂ ਦੇ ਕੰਮ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।
ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਏਕੇ ਸ਼ਰਮਾ ਨੂੰ ਭਰੋਸਾ ਦਿਵਾਇਆ ਗਿਆ ਕਿ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਵੱਖ-ਵੱਖ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇਗਾ।