ਰਾਏਕੋਟ: ਨਸ਼ਾ ਤਸਕਰੀ ਦੇ ਇਕ 6 ਸਾਲ ਪੁਰਾਣੇ ਮਾਮਲੇ ਵਿੱਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਪੁਲੀਸ ਨੇ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਕਾਬੂ ਕੀਤਾ ਹੈ। ਲੁਧਿਆਣਾ (ਦਿਹਾਤੀ) ਪੁਲੀਸ ਦੇ ਰਾਏਕੋਟ ਸ਼ਹਿਰੀ ਥਾਣੇ ਦੇ ਮੁਖੀ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸ਼ਹਿਰੀ ਰਾਏਕੋਟ ਵਿੱਚ ਜਸਵਿੰਦਰ ਸਿੰਘ ਉਰਫ਼ ਰਾਜੂ ਵਾਸੀ ਹਠੂਰ ਖ਼ਿਲਾਫ਼ 2017 ਵਿੱਚ ਨਸ਼ਾ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਅਦਾਲਤੀ ਕਾਰਵਾਈ ਦੌਰਾਨ ਮੁਲਜ਼ਮ ਮਲੇਸ਼ੀਆ ਭੱਜ ਗਿਆ ਸੀ, ਜਿਸ ਮਗਰੋਂ ਅਦਾਲਤ ਨੇ ਮੁਲਜ਼ਮ ਨੂੰ 30 ਅਪਰੈਲ 2019 ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਇਸ ਮਗਰੋਂ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੇ ਵੀ ਮੁਲਜ਼ਮ ਖ਼ਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਮੁਲਜ਼ਮ ਅੰਮ੍ਰਿਤਸਰ ਹਵਾਈ ਅੱਡੇ ’ਤੇ ਉੱਤਰਿਆ ਸੀ, ਜਿਸ ਮਗਰੋਂ ਏਅਰਪੋਰਟ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਸੀ। -ਨਿੱਜੀ ਪੱਤਰ ਪ੍ਰੇਰਕ