ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਅਗਸਤ
ਵਾਰਡ ਨੰਬਰ-47 ਦੇ ਇਲਾਕੇ ਗਿਆਨ ਸਿੰਘ ਰਾੜੇਵਾਲਾ ਮਾਰਕੀਟ ਦੇ ਸੁੰਦਰੀਕਰਨ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ। ਇਸ ਦਾ ਉਦਘਾਟਨ ਮੇਅਰ ਬਲਕਾਰ ਸਿੰਘ ਸੰਧੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਚੇਅਰਮੈਨ ਨਿਰਮਲ ਸਿੰਘ ਕੈੜਾ ਨੇ ਕੀਤਾ।
ਇਸ ਮੌਕੇ ਮੇਅਰ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਦੇ ਵਿਕਾਸ ਲਈ ਵੱਡੇ ਪੱਧਰ ਤੇ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਸ ਤਹਿਤ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਉਪਰ 70 ਲੱਖ ਰੁਪਏ ਦਾ ਖ਼ਰਚ ਆਵੇਗਾ ਅਤੇ ਇਸ ਨੂੰ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਨਿਰਮਲ ਸਿੰਘ ਕੈੜਾ ਨੇ ਮੇਅਰ ਸੰਧੂ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਗਿਆਨ ਸਿੰਘ ਰਾੜੇਵਾਲਾ ਮਾਰਕੀਟ ਵਾਰਡ ਦਾ ਪ੍ਰਮੁੱਖ ਵਪਾਰਕ ਕੇਂਦਰ ਹੈ ਜਿੱਥੇ ਰੋਜ਼ਾਨਾ ਹਜ਼ਾਰਾਂ ਲੋਕ ਆਉਂਦੇ ਹਨ ਇਸ ਲਈ ਇਸ ਦੀ ਸੁੰਦਰਤਾ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ-47 ਨੂੰ ਸ਼ਹਿਰ ਦਾ ਸਭ ਤੋਂ ਵੱਧ ਖ਼ੂਬਸੂਰਤ ਵਾਰਡ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਾਰਡ ਵਾਸੀਆਂ ਦੀਆਂ ਸਹੂਲਤਾਂ ਲਈ ਕਈ ਪ੍ਰਾਜੈਕਟ ਤਿਆਰ ਕੀਤੇ ਗਏ ਹਨ ਜਿਨ੍ਹਾਂ ਉੱਪਰ ਜਲਦੀ ਹੀ ਅਮਲ ਸ਼ੁਰੂ ਹੋ ਜਾਵੇਗਾ। ਇਸ ਮੌਕੇ ਕਮਲਜੀਤ ਸਿੰਘ ਕੜਵਲ ਹਲਕਾ ਇੰਚਾਰਜ ਆਤਮ ਨਗਰ, ਅਮਰਜੀਤ ਸਿੰਘ ਟਿੱਕਾ ਚੇਅਰਮੈਨ, ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ ਪੰਜਾਬ ਯੂਥ ਡਿਵੈਲਮੈਂਟ ਬੋਰਡ, ਸੁਰਿੰਦਰਪਾਲ ਸਿੰਘ ਬਿੰਦਰਾ, ਕਮਲਜੀਤ ਸਿੰਘ ਉਭਰੀ, ਰਾਜ ਕੁਮਾਰ ਵਰਮਾ, ਮਨਪ੍ਰੀਤ ਸਿੰਘ, ਦਿਵੇਸ਼ ਕੁਮਾਰ, ਅੰਮ੍ਰਿਤ ਸਿੰਘ, ਰਾਕੇਸ਼ ਕੁਮਾਰ, ਕੁਲਦੀਪ ਸਿੰਘ ਗੁਜਰਾਲ, ਵਿਜੈ ਵਰਮਾ ਆਦਿ ਹਾਜ਼ਰ ਸਨ।