ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਸਤੰਬਰ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਗੈਰ-ਪੰਜਾਬੀਆਂ ਨੂੰ ਸਰਕਾਰੀ ਨੌਕਰੀ ਦੇਣਾ ਪੰਜਾਬੀਆਂ ਨਾਲ ਧੋਖਾ ਹੈ। ਦੂਜੇ ਰਾਜਾਂ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਗੱਫ਼ੇ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਧੱਕੇ ਦਿੱਤੇ ਜਾ ਰਹੇ ਹਨ, ਜਿਸ ਨੂੰ ਪੰਜਾਬ ਦੇ ਲੋਕ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਸ੍ਰੀ ਬੈਂਸ ਨੇ ਪੰਜਾਬ ਪੁਲੀਸ ਦੇ ਸਬ-ਇੰਸਪੈਕਟਰਾਂ ਦੀ ਨਿਯੁਕਤੀ ਸਬੰਧੀ ‘ਆਪ’ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਨੇ 560 ਨਿਯੁਕਤੀ ਪੱਤਰ ਦਿੱਤੇ ਹਨ। ਜਿਨ੍ਹਾਂ ਨੌਜਵਾਨਾਂ ਨੂੰ ਇਹ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿੱਚੋਂ 31 ਹਰਿਆਣਾ ਅਤੇ ਚਾਰ ਰਾਜਸਥਾਨ ਦੇ ਵਸਨੀਕ ਹਨ। ਸਾਬਕਾ ਵਿਧਾਇਕ ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਕਜੁੱਟ ਹੋ ਕੇ ਸਰਕਾਰ ਦੀ ਇਸ ਕਾਰਵਾਈ ਦਾ ਵਿਰੋਧ ਕਰਨ।