ਰਾਮ ਗੋਪਾਲ ਰਾਏਕੋਟੀ
ਰਾਏਕੋਟ, 20 ਜੂਨ
‘‘ਪੰਜਾਬ ਸਰਕਾਰ ਵੱਲੋਂ ਆਪਣੇ ਹੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇ ਕੇ ਜਿੱਥੇ ਸੂਬੇ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ, ਉੱਥੇ ਕਾਂਗਰਸ ਪਾਰੀ ’ਚ ਚੱਲ ਰਿਹਾ ਭਾਈ-ਭਤੀਜਾਵਾਦ ਵੀ ਸਾਹਮਣੇ ਆਇਆ ਹੈ’’, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਮੀਤ ਪ੍ਰਧਾਨ ਬਲੌਰ ਸਿੰਘ ਮੁੱਲਾਂਪੁਰ ਨੇ ਅੱਜ ਰਾਏਕੋਟ ਵਿਖੱਚ ‘ਆਪ’ ਵਰਕਰਾਂ ਦੀ ਕੀਤੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ 2017 ’ਚ ਕਾਂਗਰਸ ਪਾਰਟੀ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ’ਚ ਆਈ ਸੀ, ਪਰ ਅੱਜ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਸਰਕਾਰ ਵੱਲੋਂ ਸਿਰਫ ਤੇ ਸਿਰਫ ਆਪਣੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਤੋਂ ਸਿਵਾਏ ਕਿਸੇ ਨੂੰ ਨੌਕਰੀ ਨਹੀਂ ਦਿੱਤੀ।
ਉਨ੍ਹਾਂ ਕਿਹਾ ਕਿ ਲੁਧਿਆਣਾ ਉੱਤਰੀ ਤੋਂ ਛੇ ਵਾਰੀ ਦੇ ਵਿਧਾਇਕ ਰਾਕੇਸ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਨੂੰ ਨਾਇਬ ਤਹਿਸੀਲਦਾਰ ਤੇ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਤੀਜੇ ਅਤੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਪੁੱਤਰ ਨੂੰ ਇੰਸਪੈਕਟਰ ਦੀ ਨੌਕਰੀ ਦੇਣਾ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਅਧਾਰ ’ਤੇ ਨੌਕਰੀ ਦਿੱਤੀ ਗਈ ਹੈ। ਮੁੱਲਾਂਪੁਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਰਾ ਗੁਰਇਕਬਾਲ ਸਿੰਘ ਡੀਐੱਸਪੀ ਨਿਯੁਕਤ ਕੀਤਾ ਗਿਆ ਸੀ, ਜਦੋਂ ਕਿ ਲੱਖਾਂ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨ ਟੈਂਕੀਆਂ ’ਤੇ ਚੜ੍ਹਨ ਲਈ ਜਾਂ ਮੁਜ਼ਾਹਰੇ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਦੇ ਲੋਕ ਕਾਂਗਰਸ ਅਤੇ ਅਕਾਲੀ ਦਲ-ਬਸਪਾ ਗਠਜੋੜ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਸਾਹਿਲ ਗੋਇਲ, ਰਵਿੰਦਰ ਸਿੰਘ ਰਵੀ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਐਤੀਆਣਾ ਆਦਿ ਹਾਜ਼ਰ ਸਨ।