ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਲੁਧਿਆਣਾ/ਜਗਰਾਉਂ, 3 ਅਕਤੂਬਰ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਹਠੂਰ (ਲੁਧਿਆਣਾ) ਵਿੱਚ ਤਾਇਨਾਤ ਪਟਵਾਰੀ ਜਸਪ੍ਰੀਤ ਸਿੰਘ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ਵਾਸੀ ਪਿੰਡ ਹਠੂਰ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਇਤਲਾਹ ਦਿੱਤੀ ਸੀ ਕਿ ਉਕਤ ਪਟਵਾਰੀ ਉਨ੍ਹਾਂ ਦੀ ਜੱਦੀ ਜ਼ਮੀਨ ਦੀ ਤਕਸੀਮ (ਬਟਵਾਰਾ) ਕਰਨ ਲਈ 3 ਹਜ਼ਾਰ ਰੁਪਏ ਪ੍ਰਤੀ ਏਕੜ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਤੇ ਇਸ ਤਰ੍ਹਾਂ ਕੁੱਲ 25 ਏਕੜ ਪੁਸ਼ਤੈਨੀ ਜ਼ਮੀਨ ਦੀ ਤਕਸੀਮ ਬਦਲੇ ਉਸ ਵੱਲੋਂ ਰਿਸ਼ਵਤ ਦੀ ਕੁੱਲ ਰਕਮ 75 ਹਜ਼ਾਰ ਰੁਪਏ ਮੰਗ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਕਥਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿੱਚ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।