ਪੱਤਰ ਪ੍ਰੇਰਕ
ਦੋਰਾਹਾ, 2 ਜਨਵਰੀ
ਇਥੇ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਕੌਸ਼ਲ ਯਾਦਗਾਰੀ ਭਵਨ ਵਿੱਚ ਹੋਈ। ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰਦੇ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਸਾਨੀ ਸੰਘਰਸ਼ ਨੂੰ ਹਰ ਸੰਭਵ ਸਮਰਥਨ ਦੇਣ ਦਾ ਫ਼ੈਸਲਾ ਕੀਤਾ। ਇਸ ਮੌਕੇ ਪਵਨ ਕੁਮਾਰ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਭਾਜਪਾ ਵੱਲੋਂ ਕਿਸਾਨੀ ਸੰਘਰਸ਼ ਪ੍ਰਤੀ ਕੀਤੇ ਜਾ ਰਹੇ ਝੂਠੇ ਪ੍ਰਚਾਰ ਦੀ ਨਿਖੇਧੀ ਕੀਤੀ। ਗੁਰਦਿਆਲ ਦਲਾਲ, ਪਵਿੱਤਰ ਸਿੰਘ ਅਤੇ ਰਣਜੀਤ ਸਿੰਘ ਟਿਵਾਣਾ ਨੇ ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੀ ਤਰੀਕ ਵਿਚ ਵਾਧਾ ਕਰਕੇ ਇਸ ਨੂੰ ਲਾਗੂ ਕਰਨ ਦੀ ਕੀਤੀ ਜਾ ਰਹੀ ਦੇਰੀ, ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੀ ਨਿੰਦਾ ਕੀਤੀ।