ਖੰਨਾਾ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਦਾ ਸੰਘਰਸ਼ 395ਵੇਂ ਲਗਾਤਾਰ ਜਾਰੀ
ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਅਕਤੂਬਰ
ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਇੱਥੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 395ਵੇਂ ਦਿਨ ਵੀ ਕਿਸਾਨ-ਮਜ਼ਦੂਰ ਸੰਘਰਸ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਰਿਹਾ।
ਇਸ ਮੌਕੇ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਅਤੇ ਅਵਤਾਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਛੋਟੇ ਕਿਸਾਨ ਬਿਲਕੁੱਲ ਤਬਾਹ ਹੋ ਜਾਣਗੇ। ਪ੍ਰਧਾਨ ਮੰਤਰੀ ਦੇਸ਼ ਦੀ ਜਨਤਾ ਨੂੰ ਗੁਲਾਮੀ ਦੀਆਂ ਜੰਜੀਰਾਂ ’ਚ ਜਕੜਣਾ ਚਾਹੁੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਕਿਸਾਨ ਸੰਘਰਸ਼ ਨੂੰ ਦਬਾਉਣ ਲਈ ਗਲਤ ਹੱਥਕੰਡੇ ਅਪਣਾਉਣੇ ਬੰਦ ਕਰੇ। ਇਸ ਮੌਕੇ ਕਿਸਾਨਾਂ ਨੇ ਟਿਕਰੀ ਬਾਰਡਰ ’ਤੇ ਕਿਸਾਨ ਬੀਬੀਆਂ ਨਾਲ ਵਾਪਰੀ ਮੰਦਭਾਗੀ ਘਟਨਾ ਤੇ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਆਗੂਆਂ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਸ਼ਹੀਦਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੀ ਆਰਥਿਕ ਸਹਾਇਤਾ, ਪੀੜਤ ਪਰਿਵਾਰਾਂ ਦਾ ਕਰਜ਼ਾ ਖ਼ਤਮ ਕਰਨ ਅਤੇ ਪਰਿਵਾਰ ਦੇ ਇਕ ਜੀਅ ਲਈ ਸਰਕਾਰੀ ਨੌਕਰੀ ਦੀ ਵਕਾਲਤ ਕੀਤੀ।
ਕੈਪਸ਼ਨ : ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਿਸਾਨ। -ਫੋਟੋ : ਓਬਰਾਏ