ਗੁਰਿੰਦਰ ਸਿੰਘ
ਲੁਧਿਆਣਾ, 15 ਸਤੰਬਰ
ਗੁਰੂਘਰਾਂ ਵਿੱਚ ਸ੍ਰੀ ਗੁਰੂ ਅਮਰਦਾਸ ਜੀ ਦੇ 450ਵੇਂ ਜੋਤੀ ਜੋਤ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450ਵੇਂ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਜਿਨ੍ਹਾਂ ਵਿੱਚ ਸੰਗਤ ਨੇ ਰਾਗੀ ਜੱਥਿਆਂ ਅਤੇ ਪ੍ਰਚਾਰਕਾਂ ਤੋਂ ਗੁਰੂ ਜੱਸ ਸਰਵਣ ਕੀਤਾ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸੰਤ ਅਮੀਰ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੀਤੇ ਸਮਾਗਮ ਵਿੱਚ ਟਕਸਾਲ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਵਿੱਚ ਦਰਜ ਰਾਗਾਂ ਅਨੁਸਾਰ ਗੁਰਬਾਣੀ ਕੀਰਤਨ ਕੀਤਾ। ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਫਲਸਫ਼ੇ ਬਾਰੇ ਰੋਸ਼ਨੀ ਪਾਈ। ਉਨ੍ਹਾਂ ਸੰਗਤ ਨੂੰ ਸੇਵਾ ਅਤੇ ਸਿਮਰਨ ਦੇ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਰਬੱਤ ਦੇ ਭਲੇ ਲਈ ਕਾਰਜ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਏ ਕੀਰਤਨ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਰਾਜਦੀਪ ਸਿੰਘ ਯੂਐਸਏ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਜੀਵਨ ਉਪਰ ਰੋਸ਼ਨੀ ਪਾਉਂਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਸਾਰਾਗੜ੍ਹੀ ਵਿੱਚ ਸ਼ਹੀਦ ਹੋਣ ਵਾਲੇ 36 ਸਿੱਖ ਰੈਜੀਮੈਂਟ ਦੇ 21 ਸਿੱਖ ਫੌਜੀਆਂ ਦੀ ਲਾਸਾਨੀ ਕੁਰਬਾਨੀ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਜਤਿੰਦਰਪਾਲ ਸਿੰਘ ਸਲੂਜਾ, ਮਨਜੀਤ ਸਿੰਘ ਟੋਨੀ, ਸੁਰਿੰਦਰਪਾਲ ਸਿੰਘ ਭੁਟਿਆਨੀ, ਰਜਿੰਦਰ ਸਿੰਘ ਮੱਕੜ, ਭੁਪਿੰਦਰਪਾਲ ਸਿੰਘ ਧਵਨ, ਬਲਜੀਤ ਸਿੰਘ ਦੂਆ, ਮਹਿੰਦਰ ਸਿੰਘ ਡੰਗ ਆਦਿ ਹਾਜ਼ਰ ਸਨ।