ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਜੂਨ
ਗੁਰਦੁਆਰਾ ਜਨਤਾ ਨਗਰ ਵਿੱਚ ਚੱਲ ਰਿਹਾ ਸਮਰ ਕੈਂਪ ਅੱਜ ਸਮਾਪਤ ਹੋ ਗਿਆ ਜਿਸ ’ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਚੇਅਰਮੈਨ ਅਤੇ ਵਿਸ਼ਵਕਰਮਾ ਇੰਡਸਟਰੀਜ਼ ਦੇ ਐੱਮਡੀ ਚਰਨਜੀਤ ਸਿੰਘ ਵਿਸ਼ਵਕਰਮਾ ਤੇ ਕੈਂਪ ਪ੍ਰਬੰਧਕਾਂ ਵੱਲੋਂ ਬੱਚਿਆਂ ਨੂੰ ਸਰਟੀਫ਼ਿਕੇਟ, ਤਗ਼ਮੇ ਤੇ ਇਨਾਮ ਵੰਡੇ ਗਏ। ਇਸ ਤੋਂ ਇਲਾਵਾ ਬੱਚਿਆਂ ਨੂੰ ਬੂਟੇ ਵੀ ਵੰਡੇ ਗਏ। ਕੈਂਪ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਕੈਂਪ ਦੌਰਾਨ ਬੱਚਿਆਂ ਨੂੰ ਗੁਰਮਤਿ ਸਿੱਖਿਆ ਦੇਣ ਤੋਂ ਇਲਾਵਾ ਵਾਤਾਵਰਨ ਸੰਭਾਲ, ਸਿਹਤ ਸੰਭਾਲ, ਦੰਦਾਂ ਦੀ ਸੰਭਾਲ ਕਰਨ ਦੇ ਨਾਲ-ਨਾਲ ਚੰਗਾ ਆਚਰਣ ਕਰਨ ਤੇ ਕਰੀਅਰ ਬਣਾਉਣ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਦੀ ਸਫ਼ਲਤਾ ਲਈ ਚਰਨਜੀਤ ਸਿੰਘ ਵਿਸ਼ਵਕਰਮਾ ਤੋਂ ਇਲਾਵਾ ਅਮਰੀਕ ਸਿੰਘ, ਤੇਜਾ ਸਿੰਘ, ਬਲਵਿੰਦਰ ਸਿੰਘ ਪਨੇਸਰ, ਰਛਪਾਲ ਸਿੰਘ, ਅਮਰ ਸਿੰਘ ਸੋਹਲ ਅਤੇ ਕਮੇਟੀ ਮੈਂਬਰਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਮੌਕੇ ਮੈਡਮ ਨਵਪ੍ਰੀਤ ਕੌਰ, ਜਸਵੀਰ ਕੌਰ, ਰੁਪਿੰਦਰ ਕੌਰ, ਵਰੁਨਦੀਪ ਕੌਰ, ਪਰਮਿੰਦਰ ਕੌਰ, ਬਖ਼ਸ਼ੀਸ਼ ਕੌਰ, ਹਰਪ੍ਰੀਤ ਕੌਰ ਅਤੇ ਰਵਿੰਦਰ ਕੌਰ ਨੇ ਬੱਚਿਆਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਸਿਖਲਾਈ ਦਿੱਤੀ।