ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਮਾਰਚ
ਸਵਦੇਸ਼ੀ ਫਾਊਂਡੇਸ਼ਨ ਵੱਲੋਂ ਸਥਾਨਕ ਲਲਤੋਂ ਕਲਾਂ ਵਿੱਚ ਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਖੇਤਰਾਂ ’ਚ ਵਧੀਆ ਕੰਮ ਕਰਨ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਜਨਰਲ ਸਕੱਤਰ ਡਾ. ਦੀਪਕ ਗੁਪਤਾ ਅਤੇ ਸਕੱਤਰ ਡਾ. ਸਮੀਰ ਕੰਬੋਜ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸਮਾਜ ਸੇਵੀ ਬਲਵਿੰਦਰ ਕੌਰ ਗਰਚਾ, ਪ੍ਰਕਾਸ਼ ਕੌਰ, ਰੀਨਾ ਰਾਣੀ, ਰਜਵੰਤ ਨਾਹਰ, ਸੁਧਾ ਰਾਣੀ, ਡਾ. ਅਨੂ ਗੁਪਤਾ, ਜਸਵੀਰ ਕੌਰ, ਪਰਮਜੀਤ ਕੌਰ, ਸੁਰਭੀ ਕੰਬੋਜ ਆਦਿ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਕਾਰਜ ਲਈ ਸਨਮਾਨਿਤ ਕੀਤਾ ਗਿਆ।
ਦੋਰਾਹਾ (ਪੱਤਰ ਪ੍ਰੇਰਕ): ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਪੋਸਟ ਗ੍ਰੈਜੂਏਟ ਕਾਮਰਸ ਤੇ ਬਿਜ਼ਨਿਸ ਵਿਭਾਗ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰੋ. ਰਣਜੀਤ ਕੌਰ ਨੇ ਵਿਦਿਆਰਥੀਆਂ ਨੂੰ ਉਸਾਰੂ ਸਮਾਜ ਸਿਰਜਣ ਵਿਚ ਔਰਤ ਦੀ ਭੂਮਿਕਾ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਡਾ.ਰਵੀ ਦੱਤ ਦੀ ਅਗਵਾਈ ਹੇਠਾਂ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ.ਦੱਤ ਨੇ ਕਿਹਾ ਕਿ ਔਰਤ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਔਰਤਾਂ ਨਾਲ ਅੱਜ ਵੀ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਲਈ ਜ਼ਰੂਰੀ ਹੈ ਕਿ ਸਮਾਜ ਆਪਣੀ ਸੋਚ ਬਦਲੇ ਅਤੇ ਔਰਤਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇ।
ਅਨੂ ਚਾਵਲਾ ਤੇ ਮਨੀਸ਼ਾ ਦਾ ਕਰਮਵੀਰ ਪੁਰਸਕਾਰ ਨਾਲ ਸਨਮਾਨ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਕੋਟਨਿਸ ਐਕੂਪੰਕਚਰ ਹਸਪਤਾਲ, ਸਲੇਮ ਟਾਬਰੀ ਵੱਲੋਂ ਅੱਜ ਇੱਕ ਸਮਾਗਮ ਦੌਰਾਨ ਨਸ਼ਾ ਛੁਡਾਊ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਤੋਂ ਇਲਾਵਾ ਸੰਸਥਾ ਅਤੇ ਇਲਾਕੇ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਔਰਤਾਂ ਨੂੰ ਸਵੈ-ਨਿਰਭਰ ਬਣਾਉਣਾ ਅਤੇ ਉਨ੍ਹਾਂ ਦੀਆਂ ਰੁਚੀਆਂ ਅਤੇ ਸਵੈ-ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਸੰਸਥਾ ਵਿੱਚ ਕੰਮ ਕਰ ਰਹੀ ਸ੍ਰੀਮਤੀ ਅਨੂ ਚਾਵਲਾ ਨੂੰ ਉਨ੍ਹਾਂ ਦੀ 35 ਸਾਲਾਂ ਦੀ ਸਮਾਜ ਸੇਵਾ ਲਈ ਕਰਮਵੀਰ ਪੁਰਸਕਾਰ ਅਤੇ ਮਿਸ ਮਨੀਸ਼ਾ ਨੂੰ ਨਸ਼ਾ ਛੁਡਾਊ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਲਈ ਕਰਮਵੀਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।