ਸੰਤੋਖ ਗਿੱਲ
ਗੁਰੂਸਰ ਸੁਧਾਰ, 8 ਜੁਲਾਈ
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਅਤੇ ਸਾਬਕਾ ਪਾਰਲੀਮਾਨੀ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਜੇਕਰ ਪਾਰਟੀ ਦਾ ਹੁਕਮ ਹੋਇਆ ਤਾਂ ਉਹ 2022 ਦੀ ਵਿਧਾਨ ਸਭਾ ਚੋਣ ਲੜਨਗੇ। ਇੱਥੇ ਇਕ ਵਪਾਰਕ ਸ਼ੋਅਰੂਮ ਦਾ ਉਦਘਾਟਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਖ਼ਾਲਸਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਹਲਕਾ ਰਾਏਕੋਟ ਅੰਦਰ ਹੋਏ ਵਿਕਾਸ ਕਾਰਜ ਮੂੰਹੋਂ ਬੋਲਦੇ ਹਨ। ਬਿਕਰਮਜੀਤ ਸਿੰਘ ਖ਼ਾਲਸਾ ਦੀਆਂ ਰਾਏਕੋਟ ਹਲਕੇ ਵਿਚ ਸਰਗਰਮੀਆਂ ਸਿਆਸੀ ਚੁੰਝ ਚਰਚਾ ਦਾ ਕੇਂਦਰ ਬਣੀਆਂ ਹੋਈਆਂ ਹਨ ਅਤੇ ਉਹ ਅਗਾਮੀ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪਰ ਤੋਲਣ ਲੱਗੇ ਹਨ। ਹਲਕਾ ਖੰਨਾ ਤੋਂ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ 2012 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਰਾਖਵਾਂ ਹੋਣ ਬਾਅਦ ਹਲਕਾ ਰਾਏਕੋਟ ਤੋਂ ਭਾਵੇਂ ਹਾਰ ਗਏ ਸਨ ਪਰ ਜਾਣਕਾਰ ਸੂਤਰਾਂ ਅਨੁਸਾਰ ਆਗਾਮੀ ਚੋਣਾਂ ਲਈ ਦੁਬਾਰਾ ਉਹ ਟਿਕਟ ਦੇ ਦਾਅਵੇਦਾਰਾਂ ਦੀ ਕਤਾਰ ਵਿੱਚ ਸ਼ਾਮਲ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿੱਚ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਯਾਦ ਵਿੱਚ ਬਣਨ ਵਾਲੇ ਤਕਨੀਕੀ ਕਾਲਜ ਦੀਆਂ ਗਰਾਂਟਾਂ ਰੋਕਣਾ ਮੰਦਭਾਗਾ ਹੈ ਅਤੇ ਕਰੋੜਾਂ ਦੀ ਲਾਗਤ ਨਾਲ ਤਿਆਰ ਕੀਤੀ ਇਹ ਇਮਾਰਤ ਖ਼ਸਤਾ ਹਾਲਤ ਵਿਚ ਪੁੱਜ ਗਈ ਹੈ ਇਸ ਲਈ ਸਰਕਾਰ ਨੂੰ ਇਸ ਪ੍ਰਤੀ ਸੰਜੀਦਾ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਕਾਲਜ ਇਲਾਕੇ ਲਈ ਵਰਦਾਨ ਸਿੱਧ ਹੋ ਸਕਦਾ ਹੈ। ਇਸ ਮੌਕੇ ਸਾਬਕਾ ਸਰਪੰਚ ਦਵਿੰਦਰ ਸਿੰਘ ਕਹਿਲ, ਭੁਪਿੰਦਰ ਸਿੰਘ ਘੁਮਾਣ, ਉੱਘੇ ਗਾਇਕ ਰਣਜੀਤ ਮਣੀ ਹਾਜ਼ਰ ਸਨ।