ਖੇਤਰੀ ਪ੍ਰਤੀਨਿਧ
ਲੁਧਿਆਣਾ, 30 ਜੂਨ
ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਸਥਾਨਕ ਬੱਚਤ ਭਵਨ ਵਿੱਚ ਮੀਟਿੰਗ ਹੋਈ, ਜਿਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਮਗਨਰੇਗਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਦੀਪ ਕੁਮਾਰ ਨੇ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਪਿੰਡਾਂ ’ਚ ਚੱਲ ਰਹੇ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੁਧਿਆਣਾ ਜ਼ਿਲ੍ਹੇ ਨੂੰ ਜਲਦ ਗ੍ਰੀਨ ਜ਼ੋਨ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਅਧੀਨ ਪਿੰਡ ਦੀ ਨੁਹਾਰ ਨੂੰ ਸਵਾਰਨ ਲਈ ਐੱਸਡਬਲਿਊਐੱਮ (ਸੋਲਿਡ ਵੇਸਟ ਮੈਨੇਜਮੈਂਟ) ਅਤੇ ਐੱਲਡਬਲਿਊਐੱਮ (ਲਿਕਵਿਡ ਵੇਸਟ ਮੈਨਜਮੈਂਟ) ਸਬੰਧੀ ਪ੍ਰਾਜੈਕਟ ਮੁਕੰਮਲ ਕੀਤੇ ਜਾਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਲਈ ਕਿਹੜੇ-ਕਿਹੜੇ ਫੰਡਾਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਚਾਇਤ ਸਕੱਤਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੋਲਡ ਵੇਸਟ ਮੈਨੇਜਮੇਂਟ ਬਣਾਉਣ ਸਮੇਂ ਆਉਂਦੀਆਂ ਮੁਸ਼ਕਲਾਂ ਦੇ ਢੁਕਵੇਂ ਹੱਲ ਸਬੰਧੀ ਸੁਝਾਅ ਵੀ ਦਿੱਤੇ।
ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੀ.ਪੀ.ਟੀ ਰਾਹੀਂ ਸਵੱਛ ਭਾਰਤ ਮਿਸ਼ਨ ਦੇ ਸਾਰੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਲੁਧਿਆਣਾ ਨਵਦੀਪ ਕੌਰ ਨੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਇਹ ਮੀਟਿੰਗ ਸਵੱਛ ਭਾਰਤ ਮਿਸ਼ਨ ਦੇ ਕੰਮਾਂ ਲਈ ਲਾਭਕਾਰੀ ਸਿੱਧ ਹੋਵੇਗੀ ਜਿਸ ਨਾਲ ਓ.ਡੀ.ਐਫ. ਪਲੱਸ ਵਿੱਚ ਜ਼ਿਲ੍ਹਾ ਲੁਧਿਆਣਾ ਦਾ ਨਾਮ ਪਹਿਲੇ ਨੰਬਰ ’ਤੇ ਹੋਵੇਗਾ। ਮੀਟਿੰਗ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮਨਦੀਪ ਸਿੰਘ, ਸਮੂਹ ਬੀ.ਡੀ.ਓਜ, ਮਗਨਰੇਗਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਸੋਨੀਆ ਸ਼ਰਮਾ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।