ਗਗਨਦੀਪ ਅਰੋੜਾ/ਸਤਵਿੰਦਰ ਬਸਰਾ
ਲੁਧਿਆਣਾ, 27 ਜਨਵਰੀ
ਲੁਧਿਆਣਾ ਦਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਗੁਰੂ ਨਾਨਕ ਸਟੇਡੀਅਮ ਵਿੱਚ ਮਨਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦੀਆਂ ਉਨ੍ਹਾਂ 36 ਸਖ਼ਸ਼ੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਸਮਾਗਮ ਦੌਰਾਨ ਵਿਧਾਇਕ ਸੁਰਿੰਦਰ ਡਾਬਰ, ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਸੰਜੇ ਤਲਵਾੜ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਆਦਿ ਮੌਜਦ ਸਨ।
ਇਸੇ ਤਰ੍ਹਾਂ ਸ਼ਹਿਰ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ 72ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਗੁਰੂ ਅੰਗਰ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿੱਚ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ। ਇਸੇ ਤਰ੍ਹਾਂ ਪੀਏਯੂ ਵਿੱਚ ਵੀ ਗਣਤੰਤਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਸ਼ਿਰਕਤ।
ਰਾਏਕੋਟ (ਰਾਮ ਗੋਪਾਲ ਰਾਏਕੋਟੀ): ਇਥੇ ਅਨਾਜ ਮੰਡੀ ਵਿੱਚ ਤਹਸੀਲ ਪੱਧਰੀ ਗਣਤੰਤਰ ਦਿਵਸ ਮਨਾਇਆ ਮਨਾਇਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸਡੀਐੱਮ ਡਾ. ਹਿਮਾਂਸ਼ੂ ਗੁਪਤਾ ਨੇ ਅਦਾ ਕੀਤੀ।
ਪਾਇਲ (ਦਵਿੰਦਰ ਜੱਗੀ): ਸਰਾਕਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿੱਚ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸਡੀਐੱਮ ਪਾਇਲ ਮਨਕੰਵਲ ਸਿੰਘ ਚਾਹਲ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਏ.ਐਸ.ਕਾਲਜ ਫ਼ਾਰ ਵਿਮੈੱਨ ਵਿੱਚ 72ਵਾਂ ਗਣਤੰਤਰ ਦਿਵਸ ਐੱਨ.ਐੱਸ.ਐੱਸ, ਐਨ.ਸੀ.ਸੀ ਵਿੰਗ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਪ੍ਰਿੰਸੀਪਲ ਡਾ. ਮੀਨੂੰ ਸ਼ਰਮਾ ਦੀ ਅਗਵਾਈ ਹੇਠ ਮਨਾਇਆ। ਝੰਡਾ ਲਹਿਰਾਉਣ ਦੀ ਰਸਮ ਐਡਵੋਕੇਟ ਰਾਜੀਵ ਰਾਏ ਮਹਿਤਾ ਨੇ ਅਦਾ ਕੀਤੀ।
ਸਮਰਾਲਾ (ਪੱਤਰ ਪ੍ਰੇਰਕ): ਗਣਤੰਤਰਤ ਦਿਵਸ ਸਮਰਾਲਾ ਦੀ ਨਵੀਂ ਦਾਣਾ ਮੰਡੀ ਵਿੱਚ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਗੀਤਿਕਾ ਸਿੰਘ ਨੇ ਅਦਾ ਕੀਤੀ।
ਜਗਰਾਉਂ (ਚਰਨਜੀਤ ਢਿੱਲੋਂ): ਗਣਤੰਤਰ ਦਿਵਸ ਨੂੰ ਸਮਰਪਿਤ ਡਿਵੀਜ਼ਨ ਪੱਧਰ ਦੇ ਸਮਾਗਮ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ’ਚ ਰੱਖੇ ਗਏ । ਇਸ ਦੌਰਾਨ ਪੁਲੀਸ ਜਵਾਨਾਂ ਦੀ ਟੁੱਕੜੀ ਤੋਂ ਏ.ਡੀ.ਸੀ. ਨੀਰੂ ਕਤਿਆਲ ਨੇ ਸਲਾਮੀ ਲਈ ਅਤੇ ਤਿਰੰਗਾ ਲਹਿਰਾਉਣ ਰਸਮ ਅਦਾ ਕੀਤੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਯੋਧਿਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਨਗਰ ਕੌਂਸਲ ਮਾਛੀਵਾੜਾ ਸਾਹਿਬ ਵਿੱਚ 72ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕੌਂਸਲ ਦਫਤਰ ਦੇ ਵਿਹੜੇ ਵਿਚ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ ਨੇ ਅਦਾ ਕੀਤੀ।
ਬੋਰਡਾਂ ਤੇ ਨਿਗਮ ਚੇਅਰਮੈਨਾਂ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦਾ ਵਾਕਆਊਟ
ਲੁਧਿਆਣਾ (ਗੁਰਿੰਦਰ ਸਿੰਘ ): ਗੁਰੂ ਨਾਨਕ ਸਟੇਡੀਅਮ ਵਿੱਚ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਬੋਰਡਾਂ ਅਤੇ ਨਿਗਮਾਂ ਦੇ ਪੰਜ ਚੇਅਰਮੈਨਾਂ ਵੱਲੋਂ ਵਾਕਆਊਟ ਕਰਨ ਸਬੰਧੀ ਸੂਚਨਾ ਮਿਲੀ ਹੈ। ਸਮਾਗਮ ਦੌਰਾਨ ਜਿਵੇਂ ਹੀ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕੌਮੀ ਝੰਡਾ ਲਹਿਰਾਇਆ ਤਾਂ ਉਸ ਤੋਂ ਤੁਰੰਤ ਬਾਅਦ ਇਹ ਚੇਅਰਮੈਨ ਸਮਾਗਮ ਵਿੱਚੋਂ ਉਠਕੇ ਬਾਹਰ ਆ ਗਏ। ਵਾਕਅਊਟ ਕਰਨ ਵਾਲਿਆਂ ਵਿੱਚ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਲਾਰਜ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਯੂਥ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਅਤੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਿੱਲ ਸ਼ਾਮਲ ਹਨ। ਜਾਣਕਾਰੀ ਮੁਤਾਬਿਕ ਇਹ ਚੇਅਰਮੈਨ ਉਨ੍ਹਾਂ ਨੂੰ ਪਿਛਲੀਆਂ ਕਤਾਰਾਂ ਵਿੱਚ ਸੀਟਾਂ ਮਿਲਣ ਤੋਂ ਨਾਰਾਜ਼ ਸਨ ਤੇ ਇਨ੍ਹਾਂ ਨੇ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਦੇ ਧਿਆਨ ਵਿੱਚ ਸਾਰਾ ਮਾਮਲਾ ਲਿਆ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਇਲਾਵਾ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਵੀ ਪੱਤਰ ਭੇਜਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਪ੍ਰੋਟੋਕਾਲ ਨੂੰ ਨਜ਼ਰ ਅੰਦਾਜ਼ ਕਰਨ ਸਬੰਧੀ ਰੋਸ ਪ੍ਰਗਟ ਕੀਤਾ ਹੈ। ਇਕ ਚੇਅਰਮੈਨ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਹ ਕਾਂਗਰਸ ਹਾਈ ਕਮਾਂਡ ਦੇ ਨੋਟਿਸ ਵਿੱਚ ਵੀ ਸਾਰਾ ਮਾਮਲਾ ਲਿਆ ਰਹੇ ਹਨ।