ਸੰਤੋਖ ਗਿੱਲ
ਗੁਰੂਸਰ ਸੁਧਾਰ, ਮੁੱਲਾਂਪੁਰ, 3 ਅਕਤੂਬਰ
ਸਾਂਝੇ ਫੋਰਮ ਦਿੱਲੀ ਮੋਰਚਾ-2 ਦੇ ਸੱਦੇ ’ਤੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਰੇਲ ਮਾਰਗ ਉੱਪਰ ਮੁੱਲਾਂਪੁਰ ਓਵਰਬ੍ਰਿਜ ਹੇਠਾਂ ਦੋ ਘੰਟੇ ਰੇਲਾਂ ਰੋਕੀਆਂ ਗਈਆਂ। ਮੁੱਲਾਂਪੁਰ, ਚੌਕੀਮਾਨ, ਸੁਧਾਰ ਤੇ ਜੋਧਾਂ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਦੌਰਾਨ ਰੇਲਾਂ ਰੋਕੀਆਂ। ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਬੱਲੋਵਾਲ ਅਤੇ ਮੀਤ ਪ੍ਰਧਾਨ ਕੁਲਦੀਪ ਸਿੰਘ ਮੋਹੀ ਨੇ ਪ੍ਰਦਰਸ਼ਨ ਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਢੇ ਸੱਤ ਮਹੀਨੇ ਤੋਂ ਹਰਿਆਣਾ ਨਾਲ ਲੱਗਦੀਆਂ ਪੰਜਾਬ ਦੀਆਂ ਤਿੰਨ ਸਰਹੱਦਾਂ ਉਪਰ ਕਿਸਾਨੀ ਮੰਗਾਂ ਲਈ ਸੰਘਰਸ਼ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ, ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਸ਼ਹੀਦ ਸ਼ੁਭਕਰਨ ਸਿੰਘ ਸਮੇਤ 28 ਹੋਰ ਸਹੀਦਾਂ ਦੀ ਮੌਤ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਦੀ ਗ੍ਰਿਫ਼ਤਾਰੀ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ ਮੁਆਫ਼ੀ ਅਤੇ ਲਖੀਮਪੁਰ-ਖੀਰੀ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਅਜੇ ਮਿਸ਼ਰਾ ਟੈਨੀ ਦੀ ਗ੍ਰਿਫ਼ਤਾਰੀ ਦੇਸ਼ ਵਿਆਪੀ ਰੇਲ ਰੋਕੋ ਐਕਸ਼ਨ ਦੀ ਸਫ਼ਲਤਾ ਲਈ ਵਧਾਈ ਦਿੱਤੀ। ਉੱਧਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ-ਖੀਰੀ ਕਾਂਡ ਦੇ ਸ਼ਹੀਦ ਕਿਸਾਨਾਂ ਅਤੇ ਪੱਤਰਕਾਰ ਨੂੰ ਜਮਹੂਰੀ ਕਿਸਾਨ ਸਭਾ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਦੀ ਅਗਵਾਈ ਵਿੱਚ ਮੋਦੀ ਸਰਕਾਰ ਅਤੇ ਅਜੇ ਮਿਸ਼ਰਾ ਟੈਣੀ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ।