ਸੰਤੋਖ ਗਿੱਲ
ਗੁਰੂਸਰ ਸੁਧਾਰ, 12 ਜੁਲਾਈ
ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਲਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਵਾਦਿਤ ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਕਿਸਾਨ ਅੰਦੋਲਨ ਕਾਰਨ ਸਾਰੀ ਦੁਨੀਆਂ ਵਿਚ ਬਦਨਾਮੀ ਖੱਟ ਚੁੱਕੀ ਮੋਦੀ ਹਕੂਮਤ ਦੀ ਖੱਲ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਆਗੂ ਹੁਣ ਜਾਣਬੁੱਝ ਕੇ ਪੰਜਾਬ ਅਤੇ ਦੇਸ਼ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਚੋਣਾਂ ਵਿਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਸਰਕਾਰ ਹੁਣ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਧਰਨਾਕਾਰੀਆਂ ਦੀ ਅਗਵਾਈ ਗੁਰਮੀਤ ਕੌਰ, ਸੁਖਵਿੰਦਰ ਕੌਰ, ਮਹਿੰਦਰ ਕੌਰ ਨੇ ਕੀਤੀ। ਜਨਵਾਦੀ ਇਸਤਰੀ ਸਭਾ ਦੀ ਆਗੂ ਅਮਨਦੀਪ ਕੌਰ ਨੇ ਵੀ ਸੰਬੋਧਨ ਕੀਤਾ।
ਸੰਸਦ ਦੇ ਘਿਰਾਓ ਲਈ ਦਿੱਲੀ ਪਹੁੰਚਣਗੇ ਜਥੇ: ਸਿੱਧੂਪੁਰ
ਸਮਰਾਲਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਐਲਾਨ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦੇ ਹਜ਼ਾਰਾਂ ਕਿਸਾਨ ਦਿੱਲੀ ਪੁੱਜ ਕੇ ਸੰਸਦ ਦਾ ਘਿਰਾਓ ਕਰਨਗੇ। ਅੱਜ ਇਥੇ ਜਥੇਬੰਦੀ ਦੀ ਹੋਈ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਸਾਰੇ ਪਿੰਡਾਂ ਵਿੱਚੋਂ ਕਿਸਾਨਾਂ ਦੇ ਦਿੱਲੀ ਪਹੁੰਚ ਲਈ ਪ੍ਰਬੰਧ ਕੀਤੇ ਜਾਣਗੇ। ਇਥੋਂ ਦੇ ਕੁੱਬੇ ਟੌਲ ਪਲਾਜ਼ਾ ’ਤੇ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਬਲਾਕ ਕਾਰਜਕਾਰੀ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਕਿਸਾਨ ਸੰਯੁਕਤ ਮੋਰਚੇ ਵੱਲੋਂ ਦਿੱਤੇ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।