ਗੁਰੂਸਰ ਸੁਧਾਰ (ਸੰਤੋਖ ਗਿੱਲ): ਲੁਧਿਆਣਾ-ਬਠਿੰਡਾ ਰਾਜ ਮਾਰਗ ਉੱਪਰ ਪਿੰਡ ਨੂਰਪੁਰਾ ਵਿੱਚ ਨਾਅਰੇਬਾਜ਼ੀ ਦੌਰਾਨ ਸੀਟੂ ਕਾਰਕੁਨਾਂ ਨੇ ਹਰਿਆਣਾ ਦੀ ਖੱਟਰ ਸਰਕਾਰ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਤਹਿਸੀਲ ਸਕੱਤਰ ਰਾਜਜਸਵੰਤ ਸਿੰਘ ਤਲਵੰਡੀ ਨੇ ਕਿਹਾ ਕਿ ਭਾਜਪਾ ਦੀ ਸੂਬਾਈ ਮੀਟਿੰਗ ਦਾ ਵਿਰੋਧ ਕਰਨ ਲਈ ਬਸਤਾੜਾ ਟੌਲ ਪਲਾਜ਼ਾ ’ਤੇ ਇਕੱਠੇ ਹੋ ਰਹੇ ਕਿਸਾਨਾਂ ਉੱਪਰ ਹਰਿਆਣਾ ਪੁਲੀਸ ਨੇ ਲਾਠੀਚਾਰਜ ਕਰਕੇ ਬਹੁਤ ਘਿਨਾਉਣਾ ਕਾਰਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਈ ਪੁਲੀਸ ਅਧਿਕਾਰੀਆਂ ਨੇ ਬਦਲਾ-ਲਊ ਢੰਗ ਨਾਲ ਅੰਦੋਲਨਕਾਰੀ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਹੈ।ਸੀਟੂ ਆਗੂ ਪ੍ਰਿਤਪਾਲ ਸਿੰਘ ਬਿੱਟਾ, ਬਹਾਦਰ ਸਿੰਘ ਪੰਚ, ਸਾਬਕਾ ਸਰਪੰਚ ਦਰਸ਼ਨ ਸਿੰਘ, ਚਮਕੌਰ ਸਿੰਘ, ਸਤਵਿੰਦਰ ਸਿੰਘ ਅਤੇ ਰਾਜੂ ਨੂਰਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦਾ ਸਿਰ ਭੰਨਣ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਥਾਂ ਬੇਸ਼ਰਮੀ ਨਾਲ ਉਸ ਦਾ ਪੱਖ ਪੂਰਦਿਆਂ ਸਖ਼ਤੀ ਨੂੰ ਜ਼ਰੂਰੀ ਦੱਸਿਆ ਹੈ। ਸੀਟੂ ਆਗੂਆਂ ਨੇ ਕਿਹਾ ਕਿ ਮੋਦੀ-ਮਨੋਹਰ ਦੀ ਸਰਕਾਰ ਦਾ ਇਹ ਕਿਸਾਨ ਵਿਰੋਧੀ ਰਵੱਈਆ ਦੇਸ਼ ਭਰ ਵਿਚ ਭਾਜਪਾ ਨੂੰ ਮਹਿੰਗਾ ਪਵੇਗਾ।