ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਅਕਤੂਬਰ
ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਨਵੀਨ ਨਗਰ, ਜੱਸੀਆਂ ਰੋਡ (ਵਾਰਡ ਨੰਬਰ 67) ਦੀਆਂ ਗਲੀਆਂ ਬਣਾਉਣ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰਾਜੈਕਟ ਕਰੀਬ 96 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ ਇੱਕ ਮਹੀਨੇ ਵਿੱਚ ਗਲੀਆਂ ਦਾ ਨਿਰਮਾਣ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਧਿਆਨ ਪੂਰੇ ਉੱਤਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ’ਤੇ ਹੈ। ਵਿਧਾਇਕ ਸ੍ਰੀ ਬੱਗਾ ਨੇ ਕਿਹਾ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਦਾ ਪ੍ਰਾਜੈਕਟ ਵੀ ਸ਼ੁਰੂ ਕੀਤਾ ਹੈ ਅਤੇ ਇਸ ਨਾਲ ਇਲਾਕਾ ਵਾਸੀਆਂ ਨੂੰ ਵੱਡਾ ਲਾਭ ਹੋਵੇਗਾ। ਇਸ ਦੌਰਾਨ ਵਿਧਾਇਕ ਸ੍ਰੀ ਬੱਗਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਲੁਧਿਆਣਾ ਉੱਤਰੀ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ ਕਿਉਂਕਿ ਉਹ ਹਲਕੇ ਦੇ ਵਿਕਾਸ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੇ ਹਨ। ਉਨ੍ਹਾਂ ਇਲਾਕਾ ਵਾਸੀਆਂ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸਹਿਯੋਗ ਲਈ ਵੀ ਉਨ੍ਹਾਂ ਦੀ ਸ਼ਲਾਘਾ ਕੀਤੀ।