ਸਤਵਿੰਦਰ ਬਸਰਾ
ਲੁਧਿਆਣਾ, 3 ਸਤੰਬਰ
ਪੰਜਾਬ ਵਿੱਚ ਨਿਵੇਕਲੀ ਪਹਿਲਕਦਮੀ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਦਿਅਕ ਸੰਸਥਾਵਾਂ ਦੀ ਜ਼ਮੀਨੀ ਹਕੀਕਤ ਸਮਝਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ-ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਸਕੂਲ ਮੁਖੀਆਂ ਨੂੰ ਇਹ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਦੌਰਾਨ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਮਨਵਿੰਦਰ ਸਿੰਘ ਗਿਆਸਪੁਰਾ, ਅਸ਼ੋਕ ਪਰਾਸ਼ਰ ਪੱਪੀ, ਤਰੁਨਪ੍ਰੀਤ ਸਿੰਘ ਸੌਂਦ, ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ ਅਤੇ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਪਤਨੀ ਡਾ. ਸੁਖਚੈਨ ਕੌਰ ਬੱਸੀ ਅਤੇ ਹੋਰਨਾਂ ਵੱਲੋਂ ਆਪੋ-ਆਪਣੇ ਹਲਕਿਆਂ ਵਿੱਚ ਸਕੂਲਾਂ ਦਾ ਦੌਰਾ ਕੀਤਾ ਗਿਆ। ਵਿਧਾਇਕਾਂ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ ਨੂੰ ਕਿਹਾ ਕਿ ਸਫਲਤਾ ਅਤੇ ਅਸਫਲਤਾ ਜ਼ਿੰਦਗੀ ਦਾ ਹਿੱਸਾ ਹਨ ਅਤੇ ਜੋ ਚੁਣੌਤੀਆਂ ਅਤੇ ਰੁਕਾਵਟਾਂ ਦਾ ਡਟ ਕੇ ਮੁਕਾਬਲਾ ਕਰਦਿਆਂ ਅੱਗੇ ਵੱਧਦੇ ਹਨ, ਦੁਨੀਆ ਹਮੇਸ਼ਾ ਉਨ੍ਹਾਂ ਨੂੰ ਯਾਦ ਕਰਦੀ ਹੈ।
ਇਸ ਦੌਰਾਨ ਵਿਧਾਇਕਾਂ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਸ਼ਾਨ ਵਾਪਸ ਲਿਆਉਣ ਲਈ ਬਹੁਪੱਖੀ ਰਣਨੀਤੀ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਇਸ ਸਾਲ 100 ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਅਧਿਆਪਕਾਂ ਨੂੰ ਦੇਸ਼ ਦੇ ਸਿਰਜਣਹਾਰ ਦੱਸਦਿਆਂ ਉਨ੍ਹਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ।
ਮੰਡੀ ਅਹਿਮਦਗੜ੍ਹ (ਮਹੇਸ਼ ਸ਼ਰਮਾ): ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀਆਂ ਸਮੱਸਿਆਵਾਂ ਦੀ ਪਛਾਣ ਕਰਕੇ ਸਿੱਖਿਆ ਵਿੱਚ ਸੁਧਾਰ ਕਰਨ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਲੁਧਿਆਣਾ ਤੇ ਮਾਲੇਰਕੋਟਲਾ ਅਧੀਨ ਪੈਂਦੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਵਾਈਆਂ ਗਈਆਂ। ਲੁਧਿਆਣਾ ਦੀ ਡੀਸੀ ਸੁਰਭੀ ਮਲਿਕ ਅਤੇ ਮਾਲੇਰਕੋਟਲਾ ਦੇ ਡੀਸੀ ਸੰਯਮ ਅਗਰਵਾਲ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਸਬੰਧਤ ਹਲਕਿਆਂ ਦੇ ਵਿਧਾਇਕਾਂ ਤੇ ਐੱਸਡੀਐੱਮਾਂ ਨੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਜਾਣੀਆਂ ਤੇ ਸਬੰਧਤ ਮੁਖੀਆਂ ਨੂੰ ਲੋੜੀਂਦੇ ਸੁਧਾਰ ਕਰਨ ਲਈ ਕਿਹਾ। ਮਾਲੇਰਕੋਟਲਾ ਦੇ ਏਡੀਸੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਨਮਾਜਰਾ ਅਤੇ ਐੱਸਡੀਐੱਮ ਹਰਬੰਸ ਸਿੰਘ ਨੇ ਅੱਜ ਸਰਕਾਰੀ ਸਕੂਲ ਦਲੀਜ ਕਲਾਂ, ਸਰਕਾਰੀ ਸਕੂਲ ਛੰਨਾ, ਸਰਰਾਰੀ ਪ੍ਰਾਇਮਰੀ ਸਕੂਲ ਅਹਿਮਦਗੜ੍ਹ ਅਤੇ ਸਰਕਾਰੀ ਸਕੂਲ ਅਮਰਪੁਰਾ ਵਿੱਚ ਚੱਲ ਰਹੀਆਂ ਮੀਟਿੰਗਾਂ ਦਾ ਮੁਆਇਨਾ ਕੀਤਾ। ਇਸੇ ਤਰ੍ਹਾਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਗੁਰਮ, ਬੁਟਾਹਰੀ ਅਤੇ ਨਾਰੰਗਵਾਲ ਪਿੰਡਾਂ ਦੇ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ।
ਡੀਸੀ ਵੱਲੋਂ ਮਿੱਡ-ਡੇਅ-ਮੀਲ ਦੀ ਗੁਣਵੱਤਾ ਦੀ ਜਾਂਚ
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਅੱਜ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲੇਵਾਲ, ਗਿਆਸਪੁਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢੰਡਾਰੀ ਦਾ ਦੌਰਾ ਕੀਤਾ ਅਤੇ ਮਾਪਿਆਂ ਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਵੱਡੇ ਸੁਫ਼ਨੇ ਦੇਖਣ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਅਨੁਸ਼ਾਸਨ ਨਾਲ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਮਿੱਡ-ਡੇਅ-ਮੀਲ ਦੀ ਰਸੋਈ ਵਿੱਚ ਤਿਆਰ ਭੋਜਨ ਦੀ ਗੁਣਵੱਤਾ ਵੀ ਜਾਂਚੀ।