ਖੇਤਰੀ ਪ੍ਰਤੀਨਿਧ
ਲੁਧਿਆਣਾ, 13 ਜੂਨ
ਵੈਟਰਨਰੀ ਵਿਦਿਆਰਥੀਆਂ ਵੱਲੋਂ ਪਿਛਲੇ ਅੱਠ ਦਿਨਾਂ ਤੋਂ ਇੰਟਰਨਸ਼ਿਪ ਅਲਾਊਂਸ ’ਚ ਵਾਧੇ ਲਈ ਦਿੱਤਾ ਜਾ ਰਿਹਾ ਧਰਨਾ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੇ ਭਰੋਸੇ ਮਗਰੋਂ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਵੈਟਰਨਰੀ ’ਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ, ਡਾ. ਸਵਰਨ ਸਿੰਘ ਰੰਧਾਵਾ, ਡਾ. ਸਰਵਪ੍ਰੀਤ ਸਿੰਘ ਘੁੰਮਣ ਆਦਿ ਵੀ ਮੌਜੂਦ ਸਨ।
ਧਰਨੇ ’ਤੇ ਬੈਠੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ ਕੈਬਨਿਟ ਮੰਤਰੀ ਸ੍ਰੀ ਧਾਲੀਵਾਲ ਨੇ ਕਿਹਾ ਕਿ ਇੰਟਰਨਸ਼ਿਪ ਭੱਤੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੰਗ ਜਲਦੀ ਪੂਰੀ ਹੋਣ ਦਾ ਭਰੋਸਾ ਦਿੰਦਿਆਂ ਧਰਨਾ ਮੁਲਤਵੀ ਕਰਨ ਦੀ ਅਪੀਲ ਕੀਤੀ। ਮੰਤਰੀ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਵਿਦਿਆਰਥੀਆਂ ਨੇ ਕੁਝ ਸਮੇਂ ਲਈ ਧਰਨਾ ਮੁਲਤਵੀ ਕਰ ਦਿੱਤਾ ਹੈ। ਧਰਨੇ ’ਤੇ ਬੈਠੇ ਵਿਦਿਆਰਥੀਆਂ ਨੇ ਦੱਸਿਆ ਕਿ ਵੈਟਰਨਰੀ ਕੌਂਸਲ ਆਫ ਇੰਡੀਆ ਵੱਲੋਂ ਵੀ ਵੈਟਰਨਰੀ ਵਿਦਿਆਰਥੀਆਂ ਦੀ ਹਮਾਇਤ ਕੀਤੀ ਗਈ ਹੈ।