ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਜੁਲਾਈ
ਤਾਲਾਬੰਦੀ ਦੌਰਾਨ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਪੜ੍ਹਾਈ ਦੀ ਕੀਤੀ ਜਾ ਰਹੀ ਕਥਿਤ ਖਾਨਾਪੂਰਤੀ ਸਬੰਧੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਨੇ ਕਿਹਾ ਹੈ ਕਿ ਆਨਲਾਈਨ ਪੜ੍ਹਾਈ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਉਦੇਸ਼ਾਂ ਦੀ ਪੂਰਤੀ ਨਹੀਂ ਕਰਦੀ, ਸਗੋਂ ਵਿਦਿਆਰਥੀਆਂ ਅੰਦਰ ਕਈ ਪ੍ਰਕਾਰ ਦੀਆਂ ਗਲਤ ਧਾਰਨਾਵਾਂ ਅਤੇ ਨਕਲ ਵਰਗੀਆਂ ਰੂਚੀਆਂ ਨੂੰ ਜਨਮ ਦੇ ਰਹੀ ਹੈ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਕਰਨੈਲ ਸਿੰਘ ਚਿੱਟੀ, ਸੂਬਾ ਸਕੱਤਰ ਸਰਵਣ ਸਿੰਘ ਔਜਲਾ ਤੇ ਸੂਬਾਈ ਆਗੂ ਬਲਵੀਰ ਚੰਦ ਲੌਂਗੋਵਾਲ, ਡੀਟੀਐੱਫ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਤੇ ਸੂਬਾ ਸਹਾਇਕ ਸਕੱਤਰ ਗੁਰਮੀਤ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਰੋਨਾ ਕਾਰਨ ਸਾਰੀਆਂ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੇ ਹੁਕਮ ਕਰ ਦਿੱਤੇ ਹਨ। ਅਜਿਹੇ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਜੁਲਾਈ ਮਹੀਨੇ ਦੇ ਪੇਪਰ ਲੈਣ ਲਈ ਫੁਰਮਾਨ ਜਾਰੀ ਕਰ ਦਿੱਤੇ ਗਏ ਹਨ। ਆਗੂਆਂ ਨੇ ਕਿਹਾ ਕਿ ਜਿਹੜੇ ਘਰਾਂ ਵਿੱਚ ਐਨਡਾਇਰਡ ਮੋਬਾਈਲ ਫੋਨ, ਨੈੱਟ ਪੈੱਕ ਜਾਂ ਟੈਲੀਵਿਜ਼ਨ ਵੀ ਨਹੀਂ, ਉਨ੍ਹਾਂ ਦੇ ਬੱਚਿਆਂ ਨੇ ਕਿਵੇਂ ਸਿਲੇਬਸ ਪੂਰਾ ਕੀਤਾ ਹੋਵੇਗਾ? ਅਜਿਹੇ ਵਿੱਚ ਜੇਕਰ ਪ੍ਰੀਖਿਆ ਲੈ ਲਈਆਂ ਜਾਣਗੀਆਂ ਤਾਂ ਕੀ ਇਹੋ ਜਿਹੇ ਵਿਦਿਆਰਥੀਆਂ ਨਾਲ ਠੀਕ ਇਨਸਾਫ਼ ਹੋਵੇਗਾ? ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੋਂ ਮੰਗ ਕੀਤੀ ਜੁਲਾਈ ਮਹੀਨੇ ਵਿੱਚ ਲਏ ਜਾਣ ਵਾਲੇ ਪਪੇਰਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ ਦੀ ਮੰਗ ਕੀਤੀ ਹੈ।