ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਨਵੰਬਰ
ਕਿਸਾਨਾਂ ਨੂੰ ਅਤਿਵਾਦੀ ’ਤੇ ਅਦਾਕਾਰਾ ਕੰਗਨਾ ਰਣੌਤ ਦੇ ਵਿਵਾਦਿਤ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਆਪਣਾ ਦਿਮਾਗੀ ਸੰਤੁਲਨ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੁਰਖ਼ੀਆਂ ਵਿੱਚ ਰਹਿਣ ਲਈ ਉਹ ਬੇਤੁੱਕੇ ਬਿਆਨ ਦੇ ਰਹੀ ਹੈ ਅਤੇ ਉਸ ਨੂੰ ਆਪਣਾ ਇਲਾਜ ਕਰਵਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਦੇਸ਼ ਦਾ ਅੰਨਦਾਤਾ ਖੇਤੀ ਦੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਰੁਲ ਰਿਹਾ ਹੈ। ਵਿਧਾਇਕ ਬੈਂਸ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ ਅਤੇ ਕੰਗਨਾ ਵੱਲੋਂ ਪ੍ਰਧਾਨ ਮੰਤਰੀ ਦੇ ਇਸ ਫ਼ੈਸਲੇ ’ਤੇ ਵੀ ਕਿੰਤੂ-ਪ੍ਰੰਤੂ ਕੀਤਾ ਜਾ ਰਿਹਾ ਹੈ, ਜਿਸ ਤੋਂ ਉਸਦੇ ਤੰਗ ਨਜ਼ਰੀਏ ਦਾ ਪਤਾ ਚੱਲਦਾ ਹੈ। ਬੈਂਸ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਦੇਸ਼ ਦੇ ਅੰਨਦਾਤੇ ਲਈ ਜਿਸ ਤਰ੍ਹਾਂ ਦੀ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਜਾ ਰਹੀ ਹੈ, ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਕੰਗਨਾ ਨੂੰ ਅਜਿਹੇ ਬੇਤੁੱਕੇ ਬਿਆਨਾ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੰਗਨਾ ਪਹਿਲਾਂ ਵੀ ਸਾਡੀਆਂ ਬਿਰਧ ਮਾਤਾਵਾਂ ਬਾਰੇ ਗ਼ਲਤ ਟਿੱਪਣੀ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇ ਉਹ ਹੁਣ ਵੀ ਆਪਣੀ ਹਰਕਤਾਂ ਤੋਂ ਬਾਜ਼ ਨਾ ਆਈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।