ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 26 ਅਗਸਤ
ਇਥੇ ਕਿਸਾਨ ਸੰਘਰਸ਼ ਮੋਰਚੇ ਦੇ 329ਵੇਂ ਦਿਨ ਯੂਰੀਏ ਦੀਆਂ ਸਮੱਸਿਆ ਦਾ ਫੌਰੀ ਹੱਲ ਕਰਨ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਜੇਕਰ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਸੰਘਰਸ਼ ਵਿੱਢਿਆ ਜਾਵੇਗਾ। ਇਸੇ ਤਰ੍ਹਾਂ ਕਿਸਾਨ ਸੰਘਰਸ਼ ਦੇ ਨੌਜਵਾਨ ਸ਼ਹੀਦ ਬਲਕਰਨ ਸਿੰਘ ਲੋਧੀਵਾਲ ਦੇ ਪਰਿਵਾਰ ਨੂੰ ਕਈ ਮਹੀਨੇ ਬੀਤ ਜਾਣ ’ਤੇ ਵੀ ਸਰਕਾਰੀ ਸਹਾਇਤਾ ਦੀ ਰਾਸ਼ੀ ਦਾ ਚੈੱਕ ਨਾ ਦੇਣ ਦੇ ਰੋਸ ਵਜੋਂ ਅਗਲੇ ਹਫ਼ਤੇ ਸਥਾਨਕ ਸਬ-ਡਿਵੀਜ਼ਨਲ ਮੈਜਿਸਟਰੇਟ ਦੇ ਦਫ਼ਤਰ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਦਿੱਲੀ ਹੱਦਾਂ ’ਤੇ ਕਿਸਾਨ ਘੋਲ ਦੇ ਨੌਂ ਮਹੀਨੇ ਪੂਰੇ ਹੋਣ ’ਤੇ ਧਰਨਾਕਾਰੀਆਂ ’ਚ ਲੱਡੂ ਵੰਡੇ ਗਏ, ਨਾਲ ਹੀ ਅਹਿਦ ਲਿਆ ਗਿਆ ਕਿ ਮੋਦੀ ਹਕੂਮਤ ਦਾ ਹੰਕਾਰ ਤੋੜਨ ਅਤੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚਾਹੇ ਨੌਂ ਮਹੀਨੇ ਹੋਰ ਸੰਘਰਸ਼ ਜਾਰੀ ਰੱਖਣਾ ਪੈ ਜਾਵੇ, ਕਿਸਾਨ ਮਜ਼ਦੂਰ ਇਸੇ ਤਰ੍ਹਾਂ ਡਟੇ ਰਹਿਣਗੇ। ਕਿਸਾਨ ਆਗੂ ਗੁਰਬਖਸ਼ ਸਿੰਘ ਕੋਠੇ ਸ਼ੇਰਜੰਗ ਦੀ ਪ੍ਰਧਾਨਗੀ ਹੇਠ ਚੱਲੇ ਧਰਨੇ ’ਚ ਦਰਸ਼ਨ ਸਿੰਘ ਗਾਲਬਿ ਅਤੇ ਸੁਰਜੀਤ ਦੌਧਰ ਨੇ ਸੂਬੇ ਭਰ ’ਚ ਯੂਰੀਆ ਅਤੇ ਡੀਏਪੀ ਖਾਦ ਦੀ ਭਾਰੀ ਕਿੱਲਤ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਜੇ ਇਸ ਮਾਮਲੇ ’ਚ ਜਲਦ ਯੋਗ ਕਾਰਵਾਈ ਨਾ ਕੀਤੀ ਤਾਂ ਇਸ ਖ਼ਿਲਾਫ਼ ਕਿਸਾਨ ਜਥੇਬੰਦੀਆਂ ਰਲ ਕੇ ਸੰਘਰਸ਼ ਕਰਨਗੀਆਂ। ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਜਗਰਾਉਂ ਤੇ ਸਿੱਧਵਾਂ ਬੇਟ ਇਲਾਕੇ ਦੇ ਚਾਰ ਸ਼ਹੀਦ ਪਰਿਵਾਰਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ’ਚ ਦਿਖਾਈ ਜਾ ਰਹੀ ਢਿੱਲ ਅਤੇ ਸ਼ਹੀਦ ਕਿਸਾਨ ਬਲਕਰਨ ਸਿੰਘ ਲੋਧੀਵਾਲ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਜਾਰੀ ਨਾ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਅਣਗਹਿਲੀ ਖ਼ਿਲਾਫ਼ ਅਗਲੇ ਹਫ਼ਤੇ ਐੱਸਡੀਐੱਮ ਦਫ਼ਤਰ ਵਿੱਚ ਰੋਸ ਧਰਨਾ ਦਿੱਤਾ ਜਾਵੇਗਾ। ਬੁਲਾਰਿਆਂ ਨੇ 14 ਅਗਸਤ ਨੂੰ ਸਥਾਨਕ ਰਾਣੀ ਝਾਂਸੀ ਚੌਕ ਵਿੱਚੋਂ ਅਗਵਾ ਕੀਤੀ ਨਾਬਾਲਗ ਬੱਚੀ ਦੇ ਅਗਵਾਕਾਰਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਾ ਕਰਨ ਖ਼ਿਲਾਫ਼ ਵੀ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ।
ਗੁਰੂਸਰ ਸੁਧਾਰ (ਸੰਤੋਖ ਗਿੱਲ): ਦਿੱਲੀ ਦੀਆਂ ਸਰਹੱਦਾਂ ਉੱਪਰ ਕਿਸਾਨੀ ਘੋਲ ਦੇ 9 ਮਹੀਨੇ ਪੂਰੇ ਹੋਣ ਮੌਕੇ ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਅੰਦੋਲਨਕਾਰੀਆਂ ਨੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਸਰਕਾਰ ਵਿਰੁੱਧ ਜੋਸ਼ੀਲੇ ਨਾਅਰਿਆਂ ਦੀ ਗੂੰਜ ਵਿੱਚ ਫੂਕਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂਆਂ ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੋਹੀ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਸੰਬੋਧਨ ਕੀਤਾ। ਲੜੀਵਾਰ ਧਰਨੇ ਦੀ ਅਗਵਾਈ ਅਮਨਦੀਪ ਕੌਰ ਨੇ ਕੀਤੀ।
ਜਨਵਾਦੀ ਇਸਤਰੀ ਸਭਾ ਦੀ ਆਗੂ ਸੁਖਵਿੰਦਰ ਕੌਰ, ਕੁਲਜੀਤ ਕੌਰ, ਜਮਹੂਰੀ ਕਿਸਾਨ ਸਭਾ ਦੇ ਆਗੂ ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋਂ, ਗੁਲਜ਼ਾਰ ਸਿੰਘ, ਅਮਰਜੀਤ ਸਿੰਘ ਸਹਿਜਾਦ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸਰਬਜੀਤ ਸਿੰਘ ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਪੱਕੇ ਮੋਰਚਿਆਂ ਉੱਪਰ ਲਾਮਬੰਦੀ ਹੋਰ ਤੇਜ਼ ਕਰਨ ਲਈ ਪਿੰਡਾਂ ਵਿਚ ਲਾਮਬੰਦੀ ਹੋਰ ਵਧਾਈ ਜਾਵੇਗੀ।
ਪੰਜ ਸੌ ਤੋਂ ਵੱਧ ਟਰੈਕਟਰਾਂ ਰਾਹੀਂ ਖੰਨਾ ’ਚ ਵਿਸ਼ਾਲ ਰੋਸ ਰੈਲੀ
ਖੰਨਾ (ਜੋਗਿੰਦਰ ਸਿੰਘ ਓਬਰਾਏ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 332ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਅੰਦੋਲਨ ਦੇ 9 ਮਹੀਨੇ ਪੂਰੇ ਹੋਣ ਦੇ ਰੋਸ ਵਜੋਂ ਵਿਸ਼ਾਲ ਟਰੈਕਟਰ ਰੈਲੀ ਕੱਢੀ। ਇਸ ਰੈਲੀ ਵਿੱਚ ਆਲੇ ਦੁਆਲੇ ਦੇ ਪਿੰਡਾਂ ਤੋਂ ਕਿਸਾਨਾਂ ਤੇ ਨੌਜਵਾਨਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲੈਂਦਿਆਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਮੌਕੇ ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਛੋਟੇ ਕਿਸਾਨ ਬਿਲਕੁਲ ਤਬਾਹ ਹੋ ਜਾਣਗੇ। ਬੈਨੀਪਾਲ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿੱਚ ਜਾਨਾਂ ਗਵਾਉਣ ਵਾਲੇ ਸਾਥੀਆਂ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ, ਇਸ ਦਾ ਜੁਆਬ ਮੋਦੀ ਸਰਕਾਰ ਨੂੰ ਦੇਣਾ ਹੀ ਪਵੇਗਾ। ਇਸ ਮੌਕੇ ਰਾਜ ਕੌਰ, ਅਵਤਾਰ ਸਿੰਘ, ਸਮਸ਼ੇਰ ਸਿੰਘ, ਦੀਦਾਰ ਸਿੰਘ, ਹਵਾ ਸਿੰਘ, ਜਰਨੈਲ ਸਿੰਘ, ਹਰਵਿੰਦਰ ਸਿੰਘ, ਗੁਰਦਿਆਲ ਸਿੰਘ, ਰਛਪਾਲ ਸਿੰਘ, ਨਿਰਮਲ ਸਿੰਘ, ਸਤਨਾਮ ਸਿੰਘ, ਸੁੱਖੀ ਰਤਨਪਾਲੋਂ, ਬਲਵੀਰ ਸਿੰਘ, ਜਗਤਾਰ ਸਿੰਘ, ਗੁਰਤਿੰਦਰ ਸਿੰਘ ਵਾਲੀਆ, ਹਰਚੰਦ ਸਿੰਘ, ਡਾ. ਚਰਨਜੀਤ ਸਿੰਘ, ਸੂਬੇਦਾਰ ਰੱਬੀਂ ਸਿੰਘ ਆਦਿ ਹਾਜ਼ਰ ਸਨ।