ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਮਈ
ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਪਿਛਲੇ ਲੰਬੇ ਸਮੇਂ ਤੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਸਰਕਾਰ ਵੱਲੋਂ ਪੰਜਾਬ ਵਿੱਚ ਲਾਈਆਂ ਪਾਬੰਦੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਲੌਕਡਾਊਨ ਕਰਕੇ ਲੋਕਾਂ ਦੇ ਕਾਰੋਬਾਰ ਬੰਦ ਕਰਨ ਦੀ ਥਾਂ ਵੈਕਸੀਨ, ਹਸਪਤਾਲ, ਦਵਾਈਆਂ ਅਤੇ ਆਕਸੀਜਨ ਦਾ ਪ੍ਰਬੰਧ ਕਰਨ ਵਿੱਚ ਧਿਆਨ ਲਾਵੇ, ਪਰ ਲੱਗਦਾ ਹੈ ਸਾਡੇ ਦੇਸ਼ ਦੀਆਂ ਸਰਕਾਰਾਂ ਨੂੰ ਲੋਕਾਂ ਦੀ ਕੋਈ ਫ਼ਿਕਰ ਨਹੀਂ ਹੈ।
ਇਸ ਮੌਕੇ ਹਰਮਿੰਦਰ ਸਿੰਘ, ਦਲਜੀਤ ਸਿੰਘ ਸਵੈਚ ਅਤੇ ਜਗਜੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੇ ਘਰ ਭਰਨ ਲਈ ਕਿਸਾਨ ਮਾਰੂ ਕਾਨੂੰਨ ਲਿਆ ਕੇ ਲੋਕਾਂ ’ਤੇ ਥੋਪ ਰਹੀ ਹੈ ਅਤੇ ਦੂਜੇ ਪਾਸੇ ਅਤਿ ਦੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ। ਕੇਂਦਰ ਸਰਕਾਰ ਕਰੋਨਾ ਸੰਕਟ ’ਤੇ ਕਾਬੂ ਪਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਅੰਦੋਲਨ ਦੀ ਤਾਕਤ ਨੂੰ ਦੇਖਦਿਆਂ ਜਲਦ ਤੋਂ ਜਲਦ ਕਾਲੇ ਕਾਨੂੰਨ ਵਾਪਸ ਲਵੇ ਨਹੀਂ ਤਾਂ ਉਹ ਯੂ.ਪੀ. ਵੱਲ ਰੁੱਖ ਕਰਨਗੇ ਅਤੇ ਭਾਜਪਾ ਵਿਰੁੱਧ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਕਸ਼ਮੀਰਾ ਸਿੰਘ, ਦੀਦਾਰ ਸਿੰਘ, ਰੁਪਿੰਦਰ ਸਿੰਘ, ਰਛਪਾਲ ਸਿੰਘ, ਅਵਤਾਰ ਸਿੰਘ, ਡਾ. ਚਰਨਜੀਤ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।
ਦਿੱਲੀ ਬਾਰਡਰਾਂ ’ਤੇ ਵੱਡੇ ਕਾਫ਼ਲੇ ਭੇਜਣ ਲਈ ਵਿਉਂਤਬੰਦੀ
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਦਿੱਲੀ ਬਾਰਡਰਾਂ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਚੱਲ ਰਹੇ ਸੰਘਰਸ਼ ’ਚ ਵੱਡੇ ਕਾਫਲੇ ਭੇਜਣ ਲਈ ਕਿਸਾਨ ਜਥੇਬੰਦੀਆਂ ਨੇ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਜ਼ਿਲ੍ਹਾ ਕਮੇਟੀ ਨੇ ਇਸ ਲਈ ਬਾਕਾਇਦਾ ਪਿੰਡਾਂ ’ਚ ਮੀਟਿੰਗਾਂ ਦਾ ਸਿਲਸਿਲਾ ਆਰੰਭ ਦਿੱਤਾ ਹੈ। ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ 9 ਮਈ ਨੂੰ ਗਾਲਬਿ ਕਲਾਂ ਅਤੇ 12 ਮਈ ਨੂੰ ਗੁਰੂਸਰ ਕਾਉਂਕੇ ਵਿੱਚ ਇਸ ਮੁੱਦੇ ’ਤੇ ਇਕੱਤਰਤਾ ਕਰਨ ਦਾ ਫੈਸਲਾ ਲਿਆ ਗਿਆ ਹੈ। ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਸਿੱਧਵਾਂ ਨੇ ਦੱਸਿਆ ਕਿ ਮੀਟਿੰਗ ’ਚ ਪਹਿਲਾਂ ਵਿਛੋੜਾ ਦੇ ਗਏ ਗਾਲਬਿ ਕਲਾਂ ਇਕਾਈ ਦੇ ਮੀਤ ਪ੍ਰਧਾਨ ਗੁਰਮੇਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਮੇਂ ਸੁਖਵਿੰਦਰ ਸਿੰਘ ਹੰਬੜਾਂ ਨੂੰ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਅਤੇ ਧਰਮ ਸਿੰਘ ਸੂਜਾਪੁਰ ਨੂੰ ਕਾਰਜਕਾਰੀ ਜ਼ਿਲ੍ਹਾ ਖਜ਼ਾਨਚੀ ਮਨੋਨੀਤ ਕੀਤਾ ਗਿਆ। ਇਸੇ ਦੌਰਾਨ ਜਗਰਾਉਂ ਰੇਲਵੇ ਪਾਰਕ ’ਚ ਚੱਲ ਰਿਹਾ ਕਿਸਾਨ ਮੋਰਚਾ ਅੱਜ 217ਵੇਂ ਦਿਨ ਵੀ ਜਾਰੀ ਰਿਹਾ ਜਿਸ ’ਚ ਵੱਡੀ ਗਿਣਤੀ ਕਿਸਾਨ ਅਤੇ ਮਜ਼ਦੂਰ ਸ਼ਾਮਲ ਹੋਏ।