ਸੰਤੋਖ ਗਿੱਲ
ਗੁਰੂਸਰ ਸੁਧਾਰ, 16 ਜੂਨ
ਸੰਯੁਕਤ ਕਿਸਾਨ ਮੋਰਚਾ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਪਟਿਆਲਾ ਵਿਚ ਰੁਜ਼ਗਾਰ ਮੰਗਦੇ ਨੌਜਵਾਨ ਮੁੰਡੇ ਕੁੜੀਆਂ ਉੱਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਅੱਜ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਲੜੀਵਾਰ ਧਰਨੇ ਦੀ ਅਗਵਾਈ ਕੁਲਜੀਤ ਕੌਰ ਗਰੇਵਾਲ, ਸੁਖਵਿੰਦਰ ਕੌਰ ਅਤੇ ਮਹਿੰਦਰ ਕੌਰ ਨੇ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਲੋਕਾਂ ਤੋਂ ਰੁਜ਼ਗਾਰ ਖੋਹ ਰਹੀਆਂ ਹਨ। ਇਸ ਮੌਕੇ ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ, ਅਮਨਦੀਪ ਕੌਰ, ਪਰਮਜੀਤ ਕੌਰ, ਜਸਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ। ਉੱਧਰ ਲੁਧਿਆਣਾ ਬਠਿੰਡਾ ਰਾਜ ਮਾਰਗ ਦੇ ਹਿੱਸੋਵਾਲ-ਰਕਬਾ ਟੌਲ ਪਲਾਜ਼ਾ ਉੱਪਰ ਵੀ ਕਿਸਾਨ ਮਜ਼ਦੂਰ ਜਥੇਬੰਦੀਆਂ ਦਾ ਲੜੀਵਾਰ ਧਰਨਾ ਜਾਰੀ ਰਿਹਾ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ਤੇ ਸ਼ਾਂਤਮਈ ਸੰਘਰਸ਼ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਹਰਜਿੰਦਰ ਸਿੰਘ ਰਤਨਹੇੜੀ, ਅਮਨਦੀਪ ਵਰਮਾ ਅਮਰਗੜ੍ਹ ਅਤੇ ਦਲਜੀਤ ਸਿੰਘ ਸਵੈਚ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਨਾਗਰਿਕਾਂ ਨੂੰ ਸਿਰਫ਼ ਵੋਟਾਂ ਵਟੋਰਨ ਲਈ ਹੀ ਵਰਤਦੀ ਹੈ, ਜਿਸ ਦੀ ਮਿਸਾਲ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਧਰਨੇ ’ਤੇ ਬੈਠੇ ਕਿਸਾਨਾਂ ਤੋਂ ਮਿਲਦੀ ਹੈ। ਕਿਸਾਨਾਂ ਨੇ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਮੋਦੀ ਸਰਕਾਰ ਤੋਂ ਦੁਖੀ ਹੈ, ਪ੍ਰੰਤੂ ਸਰਕਾਰ ਨੂੰ ਸਿਰਫ਼ ਕੁਝ ਕਾਰਪੋਰੇਟ ਘਰਾਣਿਆਂ ਦਾ ਹੀ ਫ਼ਿਕਰ ਹੈ। ਆਗੂਆਂ ਨੇ ਮੰਗ ਕੀਤੀ ਕਿ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਕਿਸਾਨਾਂ ਨੂੰ ਜਲਦ ਆਪਣੇ ਘਰ ਵਾਪਸ ਭੇਜੇ। ਇਸ ਮੌਕੇ ਕਸ਼ਮੀਰਾ ਸਿੰਘ, ਅਵਤਾਰ ਸਿੰਘ, ਦੀਦਾਰ ਸਿੰਘ, ਜਗਜੀਤ ਸਿੰਘ ਹਾਜ਼ਰ ਸਨ।
ਸਾਢੇ ਅੱਠ ਮਹੀਨੇ ਤੋਂ ਮੋਰਚੇ ’ਚ ਡਟੇ ਕਿਸਾਨਾਂ ਦਾ ਸਨਮਾਨ
ਜਗਰਾਉਂ (ਜਸਬੀਰ ਸਿੰਘ ਸ਼ੇਤਰਾ):ਇੱਥੇ ਅੱਜ ਜਮਹੂਰੀ ਅਧਿਕਾਰ ਸਭਾ ਦੇ ਜਨਰਲ ਸਕੱਤਰ ਤੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਨੇ ਧਰਨੇ ਦੌਰਾਨ ਕਿਸਾਨਾਂ ਦਾ ਸਨਮਾਨ ਕੀਤਾ। ਪ੍ਰੋ. ਜਗਮੋਹਨ ਸਿੰਘ ਨੇ ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ, ਲੋਕ ਆਗੂ ਕੰਵਲਜੀਤ ਖੰਨਾ, ਕਿਸਾਨ ਆਗੂ ਮਹਿੰਦਰ ਸਿੰਘ ਕਮਾਲਪੁਰਾ ਤੇ ਹੋਰਨਾਂ ਨਾਲ ਮਿਲ ਕੇ ਇਕ ਅਕਤੂਬਰ ਤੋਂ ਲਗਾਤਾਰ ਸਥਾਨਕ ਰੇਲਵੇ ਪਾਰਕ ਧਰਨੇ ’ਚ ਬਿਨਾਂ ਕਿਸੇ ਨਾਗੇ ਦੇ ਹਾਜ਼ਰੀ ਭਰਨ ਵਾਲੇ ਤਿੰਨ ਕਿਸਾਨਾਂ ਪਿੰਡ ਡੱਲਾ ਦੇ ਬਜ਼ੁਰਗ ਬੰਤਾ ਸਿੰਘ ਚਾਹਲ, ਨੌਜਵਾਨ ਕਿਸਾਨ ਰੂਪਾ ਸਿੰਘ ਸਿੱਧੂ ਅਤੇ ਪਿੰਡ ਕਾਉਂਕੇ ਦੇ ਗੁਰਚਰਨ ਸਿੰਘ ਨੂੰ ਜੈਕਾਰਿਆਂ ਦੀ ਗੂੰਜ ’ਚ ਦਸਤਾਰਾਂ ਭੇਟ ਕਰਕੇ ਸਨਮਾਨਿਤ ਕੀਤਾ। ਕੰਵਲਜੀਤ ਖੰਨਾ ਨੇ ਦੱਸਿਆ ਕਿ ਇਹ ਤਿੰਨੇ ਜੁਝਾਰੂ ਕਿਸਾਨ ਅਜਿਹੇ ਹਨ ਜਿਨ੍ਹਾਂ ਸਾਢੇ ਅੱਠ ਮਹੀਨੇ ਦੇ ਲੰਬੇ ਵਕਫੇ ’ਚ ਠੰਢ, ਮੀਂਹ, ਹਨ੍ਹੇਰੀ, ਧੁੱਪ ਆਦਿ ਹਰ ਤਰ੍ਹਾਂ ਦੇ ਮੌਸਮ ਦੇ ਬਾਵਜੂਦ ਇਕ ਵੀ ਨਾਗਾ ਨਹੀਂ ਪੈਣ ਦਿੱਤਾ। ਗੁਰਚਰਨ ਸਿੰਘ ਰੋਜ਼ਾਨਾ ਹੀ ਪਿੰਡੋਂ ਸਾਈਕਲ ਰਾਹੀਂ ਸਮੇਂ ਤੋਂ ਪਹਿਲਾਂ ਪਹੁੰਚ ਕੇ ਸਫ਼ਾਈ ਤੇ ਦਰੀਆ ਵਿਛਾਉਣ ਦੀ ਜ਼ਿੰਮੇਵਾਰੀ ਸੰਭਾਲ ਲੈਂਦਾ ਹੈ। ਇਨ੍ਹਾਂ ਤਿੰਨਾਂ ਕਿਸਾਨਾ ਦੇ ਸਾਈਕਲਾਂ ’ਤੇ ਬੰਨ੍ਹੇ ਅਤੇ ਧਰਨੇ ’ਚ ਹਰ ਵੇਲੇ ਉੱਚੇ ਲਹਿਰਾਉਂਦੇ ਝੰਡਿਆਂ ਨੇ ਤਿੰਨਾਂ ਨੂੰ ਵਿਲੱਖਣ ਦਿੱਖ ਪ੍ਰਦਾਨ ਕੀਤੀ ਹੋਈ ਹੈ।
ਕਿਸਾਨ ਤੇ ਮਜ਼ਦੂਰ ਏਕਤਾ ਮਜ਼ਬੂਤ ਕਰਨ ਦੀ ਅਪੀਲ
ਪਾਇਲ (ਦੇਵਿੰਦਰ ਸਿੰਘ ਜੱਗੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਪੰਜੇਟਾ ਅਤੇ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਪੂਰੇ ਜੋਸ਼ੋ ਖਰੋਸ਼ ਨਾਲ ਦਿੱਲੀ ਦੇ ਬਾਰਡਰਾਂ ਤੇ ਪੰਜਾਬ ਵਿੱਚ ਚੱਲ ਰਿਹਾ ਹੈ ਅਤੇ ਦੂਸਰੇ ਪਾਸੇ ਸਿਆਸੀ ਪਾਰਟੀਆਂ ਆਪਣੇ ਨਿੱਜੀ ਸੰਵਾਦ ਲਈ ਚੋਣ ਦੇ ਪ੍ਰਚਾਰ ਦੌਰਾਨ ਗੱਠਜੋੜ ਵਿੱਚ ਮਸਰੂਫ਼ ਹਨ। ਚੋਣਾਂ ਵਾਲੀਆਂ ਸਿਆਸੀ ਪਾਰਟੀਆਂ ਕਾਂਗਰਸ, ਅਕਾਲੀ, ਬੀਜੇਪੀ ਅਤੇ ਆਪ ਵਾਲੇ ਸਭ ਨਿੱਜੀਕਰਨ ਪ੍ਰਾਈਵੇਟ ਸੌਂਪਣ ਲਈ ਸਮਝੌਤੇ ਕਰ ਚੁੱਕੇ ਹਨ। ਹੁਣ ਇਨ੍ਹਾਂ ਵੱਲੋਂ ਕਿਸਾਨਾਂ ਦੇ ਹਮਦਰਦ ਬਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਕਿਹਾ ਕਿ ਵੋਟਾਂ ਵਾਲਿਆਂ ਤੇ ਝਾਕ ਨਾ ਕਰੋ, ਆਪਣੀ ਰਾਖੀ ਆਪ ਕਰੋ, ਹੁਣ ਆਪਣੀ ਰਾਖੀ ਕਰਨ ਲਈ ਆਪਣਾ ਏਕਾ ਮਜ਼ਬੂਤ ਕਰ ਕੇ ਸ਼ਾਂਤਮਈ ਢੰਗ ਨਾਲ ਜੰਗ ਲੜਨ ਦੀ ਲੋੜ ਹੈ ।