ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 19 ਅਕਤੂਬਰ
ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ਸਥਿਤ ਚੌਕੀਮਾਨ ਟੌਲ ’ਤੇ ਝੋਨੇ ਦੀ ਕਟਾਈ ਦਾ ਸੀਜ਼ਨ ਹੋਣ ਦੇ ਬਾਵਜੂਦ ਕਿਸਾਨ ਮੋਰਚੇ ’ਚ ਭਰਵੀਂ ਇਕੱਤਰਤਾ ਹੋ ਰਹੀ ਹੈ। ਰੇਲ ਰੋਕੋ ਪ੍ਰੋਗਰਾਮ ਦੀ ਸਫ਼ਲਤਾ ਤੋਂ ਅਗਲੇ ਦਿਨ ਅੱਜ ਫਿਰ ਵੱਡੀ ਗਿਣਤੀ ’ਚ ਕਿਸਾਨ ਧਰਨੇ ’ਚ ਸ਼ਾਮਲ ਹੋਏ। ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾ, ਮਾ. ਆਤਮਾ ਸਿੰਘ ਬੋਪਾਰਾਏ, ਪੇਂਡੂ ਮਜਦੂਰ ਯੂਨੀਅਨ ਦੇ ਅਵਤਾਰ ਸਿੰਘ ਰਸੂਲਪੁਰ, ਜਥੇਦਾਰ ਰਣਜੀਤ ਸਿੰਘ ਗੁੜੇ, ਕਾਮਾਗਾਟਾਮਾਰੂ ਯਾਦਗਾਰ ਕਮੇਟੀ ਦੇ ਆਗੂ ਜਸਦੇਵ ਸਿੰਘ ਲਲਤੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਪ੍ਰੇਸ਼ਾਨ ਹੈ। ਇਸੇ ਕਾਰਨ ਉਹ ਲਗਾਤਾਰ ਸਾਜਿਸ਼ਾਂ ਰਚ ਰਹੀ ਹੈ। ਇਨ੍ਹਾਂ ਸਾਜਿਸ਼ਾਂ ਤੋਂ ਕਿਸਾਨਾਂ ਨੂੰ ਚੌਕਸ ਕਰਦਿਆਂ ਉਨ੍ਹਾਂ ਕਿਹਾ ਕਿ ਸਾਜਿਸ਼ਾਂ ’ਚ ਕਈ ਪੰਜਾਬੀ ਚਿਹਰੇ ਮੋਢੀ ਭੂਮਿਕਾ ਨਿਭਾਅ ਕੇ ਗੱਦਾਰੀ ਕਰ ਰਹੇ ਹਨ। ਉਨ੍ਹਾ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿੱਚ ਜ਼ਰੂਰਤ ਅਨੁਸਾਰ ਲੋੜੀਂਦੀ ਖਾਦ ਭੇਜਣ ਦੀ ਮੰਗ ਕੀਤੀ। ਇਸ ਤਰ੍ਹਾਂ ਰੇਲਵੇ ਪਾਰਕ ’ਚ ਪਿਛਲੇ ਇਕ ਸਾਲ ਤੋਂ ਚੱਲ ਰਿਹਾ ਕਿਸਾਨ ਮੋਰਚਾ ਅੱਜ 384ਵੇਂ ਦਿਨ ’ਚ ਦਾਖਲ ਹੋ ਗਿਆ। ਮਜ਼ਦੂਰ ਆਗੂ ਮਦਨ ਸਿੰਘ ਦੀ ਪ੍ਰਧਾਨਗੀ ਹੇਠ ਚੱਲੇ ਧਰਨੇ ’ਚ ਕਿਸਾਨ ਆਗੂ ਨਿਰਮਲ ਸਿੰਘ ਭਮਾਲ ਨੇ ਰੇਲ ਰੋਕੋ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਾਥੀਆਂ ਦਾ ਧੰਨਵਾਦ ਕੀਤਾ। ਕੰਵਲਜੀਤ ਖੰਨਾ ਨੇ ਕਿਹਾ ਕਿ ਸਿੰਘੂ ਬਾਰਡਰ ਕਤਲ ਦੇ ਮਾਮਲੇ ’ਚ ਭਾਜਪਾ ਦੀ ਸਾਜਿਸ਼ ਬੇਨਕਾਬ ਹੋਣ ਨਾਲ ਇਹ ਗੱਲ ਸਪੱਸ਼ਟ ਹੋ ਗਈ ਕਿ ਇਹ ਕਤਲ ਹਕੂਮਤ ਦੀ ਇਕ ਹੋਰ ਸ਼ਾਤਰ ਚਾਲ ਹੈ। ਉਨ੍ਹਾ ਤੇਲ ਕੀਮਤਾਂ ਵਿੱਚ ਨਿੱਤ ਦਿਨ ਹੋ ਰਹੇ ਵਾਧੇ ਖ਼ਿਲਾਫ਼ ਮੋਰਚੇ ਦੀ ਲੀਡਰਸ਼ਿਪ ਨੂੰ ਐਕਸ਼ਨ ਪ੍ਰੋਗਰਾਮ ਦੇਣ ਦੀ ਅਪੀਲ ਕੀਤੀ ਗਈ।
ਮੋਦੀ ਹਕੂਮਤ ਦੀ ਸਾਜਿਸ਼ਾਂ ਖ਼ਿਲਾਫ਼ ਜਗਰਾਉਂ ’ਚ ਨਾਅਰੇਬਾਜ਼ੀ ਕਰਦੇ ਕਿਸਾਨ।