ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 7 ਅਕਤੂਬਰ
ਕਸਬਾ ਜੋਧਾਂ ਵਿਚ ਜਮਹੂਰੀ ਕਿਸਾਨ ਸਭਾ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਪਿਛਲੇ ਸਾਲ ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਸ਼ਹੀਦ ਕਰਨ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਕੇਂਦਰੀ ਵਜ਼ਾਰਤ ਤੋਂ ਬਰਖ਼ਾਸਤ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਕਿਸਾਨ ਆਗੂ ਨੇ ਬਾਕੀ ਰਹਿੰਦੇ ਦੋਸ਼ੀਆਂ ਉੱਪਰ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨਿਰਦੋਸ਼ ਕਿਸਾਨਾਂ ‘ਤੇ ਦਰਜ ਕੀਤੇ ਝੂਠੇ ਕੇਸ ਵਾਪਸ ਲੈਣ, ਜ਼ਖ਼ਮੀ ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਐਲਾਨ ਕੀਤਾ ਮੁਆਵਜ਼ਾ ਫ਼ੌਰੀ ਅਦਾ ਕਰਨ ਦੀ ਵੀ ਮੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਨੇ ਕੀਤੀ। ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਨੀਵੇਂ ਹੋ ਰਹੇ ਪੱਧਰ ਖ਼ਿਲਾਫ਼ ਜਥੇਬੰਦੀ ਵੱਲੋਂ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਸਤਲੁਜ ਦਰਿਆ ਵਿੱਚ ਪੈਂਦੇ ਬੁੱਢੇ ਨਾਲੇ ਦੇ ਪ੍ਰਦੂਸ਼ਿਤ ਪਾਣੀ ਨੂੰ ਬੰਦ ਕਰਵਾਉਣ ਲਈ ਪੰਜਾਬ ਸਰਕਾਰ ਤੋਂ ਠੋਸ ਨੀਤੀ ਬਣਾਉਣ ਦੀ ਵੀ ਮੰਗ ਕੀਤੀ। ਮੀਟਿੰਗ ਵਿਚ ਪਾਸ ਮਤੇ ਰਾਹੀਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰ ਕੇ ਖ਼ਰੀਦ ਦੀ ਗਾਰੰਟੀ ਮੰਗੀ। ਕਿਸਾਨ ਆਗੂ ਸੰਧੂ ਨੇ ਜਮਹੂਰੀ ਕਿਸਾਨ ਸਭਾ ਦੀਆਂ ਜਥੇਬੰਦਕ ਚੋਣਾਂ ਦੀ ਰੂਪਰੇਖਾ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਇਕਾਈਆਂ, ਤਹਿਸੀਲਾਂ ਅਤੇ ਜ਼ਿਲ੍ਹਾ ਕਾਨਫ਼ਰੰਸਾਂ ਉਪਰੰਤ ਫ਼ਰਵਰੀ ਦੇ ਅਖੀਰ ਵਿੱਚ ਸੂਬਾਈ ਡੈਲੀਗੇਟ ਇਜਲਾਸ ਜ਼ਿਲ੍ਹਾ ਲੁਧਿਆਣਾ ਵਿੱਚ ਹੀ ਹੋਵੇਗਾ। ਲੁਧਿਆਣਾ ਤੋਂ ਰਾਏਕੋਟ ਵਾਇਆ ਜੋਧਾਂ-ਸਰਾਭਾ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੇ ਨਵੀਨੀਕਰਨ ਦਾ ਮਤਾ ਵੀ ਪਾਸ ਕੀਤਾ।