ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਦਸੰਬਰ
ਤਨਖਾਹ ਕਮਿਸ਼ਨ ਦੇ ਲਾਭਾਂ ਨੂੰ ਖੋਰਾ ਲਾਉਣ ਵਿਰੁੱਧ ਮੁਲਾਜ਼ਮਾਂ ਤੇ ਪੈਨਸ਼ਨਰਜ਼ ਵੱਲੋਂ 19 ਦਸੰਬਰ ਨੂੰ ਕੀਤੀ ਰੋਸ ਰੈਲੀ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਈ ਗਈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਗਜੀਤ ਸਿੰਘ ਮਾਨ ਅਤੇ ਜਨ ਸਕੱਤਰ ਪ੍ਰਭਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਤਨਖਾਹ ਕਮਿਸ਼ਨ ਦੇ ਮਿਲਦੇ ਲਾਭਾਂ ਨੂੰ ਖੋਰਾ ਲਗਾਉਣਾ ਮੁਲਾਜ਼ਮਾਂ ਨਾਲ਼ ਵੱਡਾ ਧ੍ਰੋਹ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਅਤੇ ਮੁਲਾਜ਼ਮ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰਹੇਗਾ। ਮੀਤ ਪ੍ਰਧਾਨ ਹੁਸ਼ਿਆਰ ਸਿੰਘ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਕਮਿਸ਼ਨ ਦੇ ਪੂਰੇ ਲਾਭ ਦੇਣ ਦੇ ਇਸ਼ਤਿਹਾਰੀ ਦਾਅਵੇ ਫੋਕੇ ਸਾਬਤ ਹੋ ਰਹੇ ਹਨ। ਸਗੋਂ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਅਨੁਸਾਰ ਮਿਲਣਯੋਗ ਪੰਜ ਫ਼ੀਸਦੀ ਪੇਂਡੂ ਖੇਤਰ ਭੱਤੇ ਨੂੰ ਸਤੰਬਰ ਮਹੀਨੇ ਦੇ ਪੁਰਾਣੇ ਫ਼ੈਸਲੇ ਦੇ ਹਵਾਲੇ ਨਾਲ ਅਚਾਨਕ ਰੋਕਣ ਅਤੇ ਇਸ ਭੱਤੇ ਤੋਂ ਬਿਨਾਂ ਹੀ ਤਨਖਾਹਾਂ ਬਣਾਉਣ ਦੀਆਂ ਹਦਾਇਤਾਂ ਖ਼ਜ਼ਾਨਾ ਦਫ਼ਤਰਾਂ ਰਾਹੀਂ ਜਾਰੀ ਕਰ ਦਿੱਤੀਆਂ ਹਨ। ਇਸੇ ਤਰ੍ਹਾਂ ਇਕ ਹੋਰ ਅਤਿ ਮਾਰੂ ਫ਼ੈਸਲਾ ਕਰਦਿਆਂ, 16 ਜੁਲਾਈ 2020 ਤੋਂ ਪਹਿਲਾਂ ਮੁੱਢਲੀਆਂ ਤਨਖਾਹਾਂ ’ਤੇ ਸਿੱਧੀ ਭਰਤੀ ਨਵ ਨਿਯੁਕਤ ਮੁਲਾਜ਼ਮਾਂ ਨੂੰ ਪਰਖ ਸਮੇਂ ਦੌਰਾਨ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਤਹਿਤ ਤਨਖਾਹ ਫਿਕਸੇਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦਾ ਲਾਭ ਨਾ ਦੇਣ ਅਤੇ ਪਰਖ ਸਮੇਂ ਦਾ ਕੋਈ ਵੀ ਬਕਾਇਆ ਨਾ ਜਾਰੀ ਕਰਨ ਦਾ ਇਕਪਾਸੜ ਅਤੇ ਧੱਕੇਸ਼ਾਹੀ ਭਰਿਆ ਹੁੁਕਮ ਸੁਣਾ ਦਿੱਤਾ ਗਿਆ ਹੈ। ਲੁਧਿਆਣਾ ਤੋਂ ਗਏ ਕਾਫਲੇ ’ਚ ਹੁਸ਼ਿਆਰ ਸਿੰਘ, ਨਾਨਕ ਸਿੰਘ, ਅਮਨਦੀਪ ਖੇੜਾ, ਰੋਹਿਤ ਅਵਸਥੀ, ਨਰਿੰਦਰ ਸਿੰਘ, ਤੇਜਿੰਦਰ ਸਿੰਘ ਹੀਰਾਂ, ਗੁਰਨਾਮ ਸਿੰਘ ਭੈਣੀ, ਲੈਕਚਰਾਰ ਦਵਿੰਦਰ ਕੌਰ, ਅਮਨਪ੍ਰੀਤ ਕੌਰ, ਪੂਨਮ ਰਾਣੀ, ਰਜਨੀ ਬਾਲਾ, ਰਾਹੁਲ ਪੀਟੀਆਈ, ਅਨਿਲ ਕੁਮਾਰ, ਬਲਜੀਤ ਸਿੰਘ, ਰਵਿੰਦਰ ਕੁਮਾਰ, ਹਰਵਿੰਦਰ ਸਿੰਘ ਆਦਿ ਅਧਿਆਪਕ ਸ਼ਾਮਲ ਸਨ।