ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 11 ਅਕਤੂਬਰ
ਦੇਸ਼ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਸੁਧਾਰਾਂ ਦੇ ਨਾਮ ’ਤੇ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਨੂੰਨਾਂ ਖ਼ਿਲਾਫ਼ ਉਲੀਕੇ ਸਾਂਝੇ ਸੰਘਰਸ਼ ਨੂੰ ਅੱਜ 11 ਦਿਨ ਹੋ ਗਏ ਹਨ। ਪਿੰਡਾਂ ਵਿੱਚੋਂ ਟਰੈਕਟਰਾਂ ਟਰਾਲੀਆਂ, ਸਕੂਟਰਾਂ, ਮੋਟਰਸਾਈਕਲਾਂ ’ਤੇ ਸਵਾਰ ਕਿਸਾਨ, ਮਜ਼ਦੂਰ ਤੇ ਬੀਬੀਆਂ ਰੇਲਵੇ ਸਟੇਸ਼ਨ ’ਤੇ ਲਗਾਏ ਧਰਨੇ ’ਚ ਸ਼ਾਮਲ ਹੋ ਰਹੀਆਂ ਹਨ। ਅੱਜ ਦੇ ਧਰਨੇ ਦੀ ਸ਼ੁਰੂਆਤ ਕਿਸਾਨ ਲਹਿਰ ਦੇ ਸ਼ਹੀਦ ਸਾਥੀ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਦੋ ਮਿੰਟ ਦਾ ਮੌਨ ਧਾਰਨ ਮਗਰੋਂ ਹੋਈ। ਕਿਸਾਨ-ਮਜ਼ਦੂਰ ਆਗੂਆਂ ਨੇ ਸ਼ਹੀਦ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਪ੍ਰਿਥੀਪਾਲ ਸਿੰਘ ਦੀ ਸ਼ਹਾਦਤ ਬਾਰੇ ਚਾਨਣਾ ਪਾਉਂਦਿਆਂ ਜਗਤਾਰ ਸਿੰਘ ਦੇਹੜਕਾ ਨੇ ਆਖਿਆ ਜ਼ਮੀਨ ਕੁਰਕੀ ਨੂੰ ਲੈ ਕੇ ਮਾਨਸਾ ਜ਼ਿਲ੍ਹੇ ’ਚ ਆਰੰਭੇ ਸੰਘਰਸ਼ ਦੌਰਾਨ 11 ਅਕਤੂਬਰ 2010 ਨੂੰ ਗੋਲੀ ਨਾਲ ਸ਼ਹੀਦ ਹੋਏ ਸਾਥੀ ਦੀ ਸ਼ਹਾਦਤ ਨੂੰ ਪ੍ਰਣਾਮ ਹੈ। ਬੁਲਾਰਿਆਂ ਨੇ ਆਖਿਆ ਕਿ ਜਿੰਨੀ ਦੇਰ ਵਿਧਾਨ ਸਭਾ ’ਚ ਸੈਸ਼ਨ ਦੌਰਾਨ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉੰਨੀ ਦੇਰ ਪਿੰਡਾਂ ’ਚ ਕਾਂਗਰਸੀਆਂ ਦਾ ਬਾਈਕਾਟ ਜਾਰੀ ਰਹੇਗਾ। ਰੰਗਮੰਚ ਬਰਨਾਲਾ ਦੇ ਕਲਾਕਾਰਾਂ ਨੇ ਰਣਜੀਤ ਰੇਸ਼ਮ ਦੀ ਨਿਰਦੇਸ਼ਨਾਂ ਹੇਠ ਨਾਟਕ ‘ਲਾਕ ਡਾਊਨ’ ਖੇਡਿਆ।
ਗੁਰੂਸਰ ਸੁਧਾਰ (ਸੰਤੋਖ ਗਿੱਲ): ਲੁਧਿਆਣਾ-ਫ਼ਿਰੋਜ਼ਪੁਰ ਕੌਮੀ ਮਾਰਗ ਉੱਪਰ ਚੌਕੀਮਾਨ ਟੌਲ ਪਲਾਜ਼ਾ ਅਤੇ ਲੁਧਿਆਣਾ-ਬਠਿੰਡਾ ਰਾਜ ਮਾਰਗ ਉੱਪਰ ਹਿੱਸੋਵਾਲ ਦੇ ਟੌਲ ਪਲਾਜ਼ਿਆਂ ’ਤੇ ਪਿਛਲੇ 11 ਦਿਨਾਂ ਤੋਂ ਡਟੇ 31 ਕਿਸਾਨ ਜਥੇਬੰਦੀਆਂ ਦੇ ਜੁਝਾਰੂ ਕਿਸਾਨਾਂ ਨੇ ਅੱਜ ਦੁਪਹਿਰ ਸਮੇਂ ਕਿਸਾਨੀ ਸੰਘਰਸ਼ ਦੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ 10 ਵਰ੍ਹੇ ਪਹਿਲਾਂ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤ ਦੇਣ ਵਾਲੇ ਸਾਥੀ ਪ੍ਰਿਥੀਪਾਲ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ।
ਰਾਏਕੋਟ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਿੰਡਾਂ ’ਚ ਕਿਸਾਨ ਕਮੇਟੀਆਂ ਸਥਾਪਤ ਕਰਨ ਦੀ ਮੁਹਿੰਮ ਜਾਰੀ ਹੈ, ਇਸੇ ਤਹਿਤ ਯੂਨੀਅਨ ਵਲੋਂ ਬੱਸੀਆਂ, ਝੋਰੜਾਂ, ਧੂਰਕੋਟ ਤੇ ਬੋਪਾਰਾਏ ਖੁਰਦ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਸਰਪ੍ਰਸਤ ਕਾਮਰੇਡ ਹਰਦੇਵ ਸਿੰਘ ਸੰਧੂ ਨੇ ਕਿਹਾ ਕਿ ਕੇਂਧਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸਾਰੀਆਂ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਸੰਘਰਸ਼ ਲੜਨਾ ਚਾਹੀਦਾ ਹੈ।
ਕੇਂਦਰ ਪੰਜਾਬ ਦੇ ਕਿਸਾਨਾਂ ਪ੍ਰਤੀ ਸੁਹਿਰਦਤਾ ਦਿਖਾਵੇ: ਢਿੱਲੋਂ
ਮਾਛੀਵਾੜਾ (ਪੱਤਰ ਪ੍ਰੇਰਕ): ਪੰਜਾਬ ਦੇ ਕਿਸਾਨਾਂ ਨੇ ਜੰਗਲ ਬੀਆਬਾਨ ਆਬਾਦ ਕਰ ਕੇ ਉਸ ਸਮੇਂ ਦੇਸ਼ ਦਾ ਢਿੱਡ ਭਰਿਆ ਜਦੋਂ ਸਾਰੇ ਪਾਸੇ ਅਨਾਜ ਦਾ ਕਾਲ ਪਿਆ ਹੋਇਆ ਸੀ, ਹੁਣ ਜੇ ਕਿਸਾਨ ਇਹ ਮੰਗ ਕਰਦਾ ਹੈ ਕਿ ਉਸ ਉਪਰ ਆਰਡੀਨੈਂਂਸ ਜਬਰੀ ਥੋਪੇ ਜਾ ਰਹੇ ਹਨ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨ ਪ੍ਰਤੀਨਿਧਾਂ ਨੂੰ ਬੁਲਾ ਕੇ ਆਰਡੀਨੈਂਂਸਾਂ ਵਿਚਲੀਆਂ ਖਾਮੀਆਂ ਨੂੰ ਦੂਰ ਕਰੇ ਤਾਂ ਜੋ ਪਹਿਲਾਂ ਤੋਂ ਹੀ ਪ੍ਰੇਸ਼ਾਨ ਕਿਸਾਨ ਨੂੰ ਰਾਹਤ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਵਿਧਾਨ ਸਭਾ ’ਚ ਅਕਾਲੀ ਦਲ ਵਿਧਾਨਕਾਰ ਪਾਰਟੀ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਢਿੱਲੋਂ ਨੇ ਕਿਹਾ ਕਿ ਜੇਕਰ ਇਹ ਆਰਡੀਨੈਂਸ ਕਿਸਾਨ ਵਿਰੋਧੀ ਹਨ ਤਾਂ ਕੇਂਦਰ ਸਰਕਾਰ ਨੂੰ ਇਹ ਰੱਦ ਕਰਨੇ ਚਾਹੀਦੇ ਹਨ ਜਾਂ ਫਿਰ ਕਿਸਾਨ ਨੁਮਾਇੰਦਿਆਂ ਨਾਲ ਗੱਲ ਕਰਕੇ ਇਨ੍ਹਾਂ ’ਚ ਸੋਧ ਕਰਨੀ ਚਾਹੀਦੀ ਹੈ।
ਕੇਂਦਰ ਸਰਕਾਰ ਫਸਲਾਂ ਦਾ ਸਮਰਥਨ ਮੁੱਲ ਆਰਡੀਨੈਂਸ ਦੇ ਐਕਟ ਵਜੋਂ ਲਾਗੂ ਕਰੇ: ਅਟਵਾਲ
ਮਾਛੀਵਾੜਾ (ਪੱਤਰ ਪ੍ਰੇਰਕ): ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਬੇਸ਼ੱਕ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਫਸਲਾਂ ਦੇ ਸਮਰਥਨ ਮੁੱਲ ਜਾਰੀ ਰੱਖਣ ਦਾ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ, ਪਰ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਹਿਤੈਸ਼ੀ ਹਨ ਤਾਂ ਉਹ ਖੇਤੀਬਾੜੀ ਆਰਡੀਨੈਂਸ ’ਚ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਐਕਟ ਤਹਿਤ ਲਾਗੂ ਲਿਖਤੀ ਰੂਪ ’ਚ ਸ਼ਾਮਲ ਕਰਨ। ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਵਾਧਸ ਆਗੂ ਪਰਮਵੀਰ ਯੋਧਾ ਦੇ ਪਰਿਵਾਰ ਨਾਲ ਉਨ੍ਹਾਂ ਦੀ ਮੌਤ ’ਤੇ ਦੁੱਖ ਸਾਂਝਾ ਕਰਨ ਪੁੱਜੇ ਸਨ। ਸਾਬਕਾ ਸਪੀਕਰ ਅਟਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ ਅਕਾਲੀ ਆਗੂ ਤੇ ਵਰਕਰ ਇਨ੍ਹਾਂ ਆਰਡੀਨੈਂਸਾਂ ਖਿਲਾਫ਼ ਡੱਟ ਕੇ ਸੰਘਰਸ਼ ਕਰ ਰਹੇ ਹਨ ਅਤੇ ਇਸ ਔਖੀ ਘੜੀ ’ਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਰਾਜਨੀਤੀ ਛੱਡ ਕਿਸਾਨੀ ਹਿੱਤਾਂ ਲਈ ਅੱਗੇ ਆਉਣਾ ਚਾਹੀਦਾ ਹੈ।