ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 9 ਨਵੰਬਰ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਰਵਿਦਾਸ ਧਰਮਸ਼ਾਲਾ ਕਸਬਾ ਮਹਿਲ ਕਲਾਂ ਵਿੱਚ ਹੋਈ। ਇਸ ਮੌਕੇ ਜਥੇਬੰਦੀ ਸਰਪ੍ਰਸਤ ਅਮਰਜੀਤ ਸਿੰਘ, ਬਲਾਕ ਪ੍ਰਧਾਨ ਦਲਵਾਰ ਸਿੰਘ ਅਤੇ ਕੇਸਰ ਖਾਂ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਜਥੇਬੰਦੀ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਨੂੰ ਲੈ ਕੇ ਲਗਾਤਾਰ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣ ਦੇ ਬਾਵਜੂਦ ਮੰਗਾਂ ਨੂੰ ਪੂਰੀਆਂ ਕਰਨ ਵੱਲ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪਿੰਡਾਂ ਵਿੱਚ ਪ੍ਰੈਕਟਿਸ ਕਰ ਰਹੇ ਡਾਕਟਰਾਂ ਨੂੰ ਕਮਿਊਨਿਟੀ ਹੈਲਥ ਵਰਕਰ ਦਾ 3 ਮਹੀਨੇ ਦਾ ਕੋਰਸ ਕਰਵਾ ਕੇ ਫ਼ਸਟ ਏਡ ਦਾ ਸਰਟੀਫਿਕੇਟ ਦਿੱਤਾ ਜਾਵੇ, ਬਾਹਰਲੇ ਸੂਬਿਆਂ ਤੋਂ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਪੰਜਾਬ ’ਚ ਕੰਮ ਕਰਨ ਦੀ ਕਾਨੂੰਨੀ ਮਾਨਤਾ ਦਿੱਤੀ ਜਾਵੇ, ਪੱਛਮੀ ਬੰਗਾਲ ਦੀ ਤਰਜ਼ ’ਤੇ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਵਾਲੇ ਸਿਹਤ ਕਾਮੇ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।