ਖੰਨਾ: ਇਥੇ ਮੈਰਿਜ ਪੈਲਸ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਪਵਿੱਤਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠਾਂ ਹੋਈ। ਮੀਟਿੰਗ ਵਿਚ ਮੈਰਿਜ ਪੈਲਸਾਂ ਵਿਚ ਵਿਆਹ ਜਾਂ ਕਿਸੇ ਹੋਰ ਸਮਾਗਮ ਦੌਰਾਨ ਠੇਕੇਦਾਰਾਂ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾਂਦੀ ਗੁੰਡਾਗਰਦੀ ਅਤੇ ਖੁਦ ਨੂੰ ਰੇਡ ਪਾਰਟੀ ਦੱਸ ਕੇ ਪੈਲਸਾਂ ਵਿਚ ਕੀਤੀ ਜਾਂਦੀ ਛਾਣਬੀਣ ਨੂੰ ਨਿੰਦਣਯੋਗ ਕਦਮ ਦੱਸਿਆ। ਸ੍ਰੀ ਗਿੱਲ ਨੇ ਕਿਹਾ ਕਿ ਸ਼ਰਾਬ ਦਾ ਪਰਮਿਟ ਅਤੇ ਸ਼ਰਾਬ ਚੈਕ ਕਰਨ ਬਹਾਨੇ ਪੈਲਸ ਮਾਲਕਾਂ ਅਤੇ ਪਾਰਟੀਆਂ ਨੂੰ ਪ੍ਰੇਸ਼ਾਨ ਕਰਦੇ ਠੇਕੇਦਾਰਾਂ ਦੀ ਧੱਕੇਸ਼ਾਹੀ ਹੁਣ ਚੱਲਣ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਠੇਕੇਦਾਰਾਂ ਨੂੰ ਕੋਈ ਸ਼ੱਕ ਹੈ ਤਾਂ ਉਹ ਪਰਮਿਟ ਜਾਂ ਸ਼ਰਾਬ ਦੀ ਜਾਂਚ ਕਰਨਾ ਚਾਹੁੰਦੇ ਹਨ ਤਾਂ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜਾਂਚ ਕਰਨ, ਪੈਲਸ ਮਾਲਕਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਇਸ ਮੌਕੇ ਪਰਮਜੀਤ ਸਿੰਘ, ਹਰਦੇਵ ਸਿੰਘ, ਕੁਲਵਿੰਦਰ ਸਿੰਘ, ਲਖਵੀਰ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ