ਖੇਤਰੀ ਪ੍ਰਤੀਨਿਧ
ਲੁਧਿਆਣਾ, 15 ਮਈ
ਡੈਮੋਕਰੈਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਪੰਜਾਬੀ ਭਵਨ ਵਿੱਚ ਹੋਈ। ਇਸ ਮੌਕੇ ਸਰਬਸੰਮਤੀ ਨਾਲ ਬਲਾਕ ਜਗਰਾਉਂ ਦੇ ਪ੍ਰਧਾਨ ਦਵਿੰਦਰ ਸਿੰਘ ਸਿੱਧੂ ਨੂੰ ਜਥੇਬੰਦੀ ਦਾ ਮੀਤ ਪ੍ਰਧਾਨ ਚੁਣ ਲਿਆ ਗਿਆ।
ਇਸ ਉਪਰੰਤ ਸ੍ਰੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਥੇਬੰਦੀ ਦੀ ਮੈਂਬਰਸ਼ਿਪ ਅਤੇ ਜ਼ਿਲ੍ਹੇ ਦੇ ਸਕੂਲਾਂ, ਅਧਿਆਪਕਾਂ, ਵਿਦਿਆਰਥੀਆਂ ਦੇ ਵਿਆਪਕ ਹਿੱਤਾਂ ਅਤੇ ਸਮੱਸਿਆਵਾਂ ਸਬੰਧੀ ਚਰਚਾ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਜਨਰਲ ਸਕੱਤਰ ਦਲਜੀਤ ਸਮਰਾਲਾ, ਮਨਜਿੰਦਰ ਚੀਮਾਂ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਜਥੇਬੰਦੀ ਦੇ ਮੋਗਾ ਇਜਲਾਸ ਵਿੱਚ ਪਾਸ ਕੀਤੇ ਸੰਵਿਧਾਨ ਵਿੱਚ ਜਥੇਬੰਦੀ ਦੀਆਂ ਨਵੀਆਂ ਚੋਣਾਂ ਅਤੇ ਨਵੀਂ ਮੈਂਬਰਸ਼ਿਪ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਅਧਿਆਪਕਾਂ, ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਸੰਸਥਾਵਾਂ ਦੀਆਂ ਸਮੱਸਿਆਵਾਂ ਦਾ ਸਰਵੇਖਣ ਵੀ ਨਾਲੋ-ਨਾਲ ਕੀਤਾ ਜਾਵੇਗਾ। ਇਸ ਮੌਕੇ ਹਰਜੀਤ ਸੁਧਾਰ, ਹਰਪਿੰਦਰ ਸ਼ਾਹੀ ਅਤੇ ਗੁਰਬਚਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਕੂਲਾਂ ਵਿੱਚ ਬੇਸਲਾਈਨ ਟੈਸਟ ਤੁਰੰਤ ਬੰਦ ਕੀਤੇ ਜਾਣ ਅਤੇ ਰੈਗੂਲਰ ਸਿੱਖਿਆ ਅਧਾਰਤ ਮੁਲਾਂਕਣ ਪ੍ਰਕਿਰਿਆ ਨੂੰ ਮੁੜ ਸੁਰਜੀਤ ਕੀਤਾ ਜਾਵੇ। ਇਸ ਮੌਕੇ ਗੁਰਪ੍ਰੀਤ ਮਾਹੀ, ਪਰਮਜੀਤ ਵਰਮਾ, ਰਾਮ ਸਿੰਘ, ਸੁਖਵਿੰਦਰ ਸਿੰਘ ਚਚਰਾੜੀ, ਰਾਮ ਸਿੰਘ ਨਸਰਾਲੀ, ਬਲਦੇਵ ਸਿੰਘ ਭੈਣੀ ਸਾਹਿਬ ਤੇ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।