ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ, ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਨੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਵਿੱਚ ਐੱਸਜੀਪੀਸੀ ਦੀਆਂ ਵੱਖ ਵੱਖ ਸੰਸਥਾਵਾਂ ਦੇ ਪ੍ਰਿੰਸੀਪਲਾਂ ਦੀ ਇਕ ਮੀਟਿੰਗ ਕਰਵਾਈ। ਮੀਟਿੰਗ ਦਾ ਮੁੱਖ ਉਦੇਸ਼ ਸਾਰੀਆਂ ਸੰਸਥਾਵਾਂ ਵਿੱਚ ਆਪਸੀ ਤਾਲਮੇਲ ਵਧਾ ਕੇ ਵਿੱਦਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਰਿਹਾ। ਇਸ ਮੀਟਿੰਗ ਵਿੱਚ ਐੱਸਜੀਪੀਸੀ ਦੇ ਰਾਜ ਭਰ ਦੇ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲ ਸ਼ਾਮਿਲ ਹੋਏ। ਜੀਐੱਨਡੀਈਸੀ ਦੇ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਕਿਹਾ ਕਿ ਸਕੂਲ ਪੱਧਰ ਦੌਰਾਨ ਹੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਰੀਅਰ ਲਈ ਕਿਹੜਾ ਕਿੱਤਾ ਸਹੀ ਹੈ, ਦੀ ਜਾਣਕਾਰੀ ਹੋਣੀ ਚਾਹੀਦੀ ਹੈ। ਐੱਸਜੀਪੀਸੀ ਦੇ ਸਕੱਤਰ ਐਜੂਕੇਸ਼ਨ ਸੁਖਮਿੰਦਰ ਸਿੰਘ ਨੇ ਕਿਹਾ ਕਿ ਸਾਰੇ ਵਿਦਿਅਕ ਅਦਾਰਿਆਂ ਨੂੰ ਇੱਕ ਦੂਜੇ ਦੇ ਪੂਰਨ ਸਹਿਯੋਗ ਨਾਲ ਚੱਲਣਾ ਚਾਹੀਦਾ ਹੈ। ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਜੀਐੱਨਡੀਈਸੀ, ਬੀਬੀਐੱਸਬੀਈਸੀ ਅਤੇ ਉਨ੍ਹਾਂ ਦੀਆਂ ਸਹਿਯੋਗੀ ਸੰਸਥਾਵਾਂ ਵਿੱਚ ਉਪਲਬਧ ਤਕਨੀਕੀ ਕੋਰਸਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਬਾਰੇ ਕੈਂਪਸ ਵਿਜ਼ਟ ਦੇ ਰਾਹੀਂ ਜਾਗਰੂਕ ਕੀਤਾ ਗਿਆ।