ਸਮਰਾਲਾ:
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 10 ਨਵੰਬਰ ਨੂੰ ਬਰਨਾਲਾ ਵਿੱਚ ਪੈਨਸ਼ਨਰਜ਼ ਜੁਆਇੰਟ ਫਰੰਟ ਪੰਜਾਬ ਦੇ ਸੱਦੇ ’ਤੇ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਟਾਲ ਮਟੋਲ ਵਾਲਾ ਰਵੱਈਆ ਅਖਤਿਆਰ ਕੀਤੇ ਜਾਣ ਦੇ ਵਿਰੋਧ ਵਿੱਚ ਰੋਸ ਮੁਜ਼ਾਹਰਾ ਅਤੇ ਝੰਡਾ ਮਾਰਚ ਕੀਤਾ ਜਾ ਰਿਹਾ ਹੈ। ਇਸ ਮਾਰਚ ਵਿੱਚ ਪਾਵਰਕੋਮ ਸਮਰਾਲਾ ਦੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੰਡਲ ਪ੍ਰਧਾਨ ਸਿਕੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਵਾਰ ਵਾਰ ਮੀਟਿੰਗ ਦਾ ਸਮਾਂ ਦੇ ਕੇ ਮੁਕਰ ਰਹੇ ਹਨ, ਜਿਸ ਤੋਂ ਪੰਜਾਬ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਬੁਰੀ ਤਰ੍ਹਾਂ ਖਫ਼ਾ ਹਨ। ਉਨ੍ਹਾਂ ਕਿਹਾ ਕਿ 20 ਨਵੰਬਰ ਨੂੰ ਚਾਰ ਹਲਕਿਆਂ ਵਿੱਚ ਹੋਣ ਜਾ ਰਹੀ ਜ਼ਿਮਨੀ ਚੋਣ ਵਿੱਚ ਪੰਜਾਬ ਸਰਕਾਰ ਵੱਲੋਂ ਖੜ੍ਹੇ ਕੀਤੇ ਉਮੀਦਵਾਰਾਂ ਦਾ ਵਿਰੋਧ ਕਰਨ ਲਈ ਪੰਜਾਬ ਦੇ ਸਮੂਹ ਪੈਨਸ਼ਨਰਜ਼ ਅਤੇ ਮੁਲਾਜ਼ਮ ਰੋਸ ਮੁਜ਼ਾਹਰੇ ਕਰ ਰਹੇ ਹਨ ਤਾਂ ਜੋ ਇਨ੍ਹਾਂ ਹਲਕਿਆਂ ਦੇ ਲੋਕ ਸਰਕਾਰ ਦੇ ਰਵੱਈਏ ਨੂੰ ਸਮਝ ਸਕਣ। -ਪੱਤਰ ਪ੍ਰੇਰਕ