ਸਤਵਿੰਦਰ ਬਸਰਾ
ਲੁਧਿਆਣਾ, 22 ਸਤੰਬਰ
ਡੈਮੋਕਰੇਟਿਕ ਟੀਚਰਜ਼ ਫਰੰਟ, ਓਡੀਅੇੈੱਲ ਅਧਿਆਪਕ ਯੂਨੀਅਨ (3442, 7654) ਅਤੇ ਈਟੀਟੀ ਟੈੱਟ ਪਾਸ ਅਧਿਆਪਕ ਐਸੋਸੀਏਸ਼ਨ 6505 (ਜੈ ਸਿੰਘ ਵਾਲਾ) ਦੀ ਅਗਵਾਈ ਹੇਠ 180 ਈਟੀਟੀ ਅਧਿਆਪਕਾਂ ’ਤੇ ਮੁੱਢਲੀ ਭਰਤੀ (4500 ਈਟੀਟੀ) ਦੇ ਲਾਭ ਬਹਾਲ ਕਰਵਾਉਣ ਤੇ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ (3442, 7654, 5178 ਵਿਭਾਗੀ ਭਰਤੀਆਂ) ਦੇ ਕਈ ਸਾਲ ਤੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਵਾਉਣ ਲਈ ਗ਼ਦਰੀ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਵਿੱਚ ਮੀਟਿੰਗ ਕੀਤੀ ਗਈ। ਇਸ ਦੌਰਾਨ 25 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੋਣ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੀ ਇਨਸਾਫ਼ ਰੈਲੀ ਲਈ ਤਾਲਮੇਲ ਕਮੇਟੀ ਬਣਾਈ ਗਈ। ਫਰੰਟ ਦੇ ਸੂਬਾ ਪ੍ਰਧਾਨ ਬਿਕਰਮ ਦੇਵ ਸਿੰਘ ਨੇ ਦੱਸਿਆ ਕਿ 125 ਦੇ ਕਰੀਬ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਨਾਲ ਪੱਖਪਾਤ ਅਤੇ ਬੇਇਨਸਾਫ਼ੀ ਕੀਤੀ ਗਈ ਅਤੇ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਤੋਂ ਬਾਹਰ ਦੀ ਡਿਗਰੀ ਦੇ ਹਵਾਲੇ ਨਾਲ ਰੈਗੂਲਰ ਨਹੀਂ ਕੀਤਾ ਗਿਆ ਜਦਕਿ ਇਨ੍ਹਾਂ ਤੋਂ ਪਹਿਲਾਂ ਅਤੇ ਬਾਅਦ ਦੀਆਂ ਕਈ ਭਰਤੀਆਂ ਦੇ ਓਡੀਐੱਲ ਅਧਿਆਪਕ ਰੈਗੂਲਰ ਅਤੇ ਪ੍ਰਮੋਟ ਵੀ ਹੋ ਚੁੱਕੇ ਹਨ।