ਨਿੱਜੀ ਪੱਤਰ ਪ੍ਰੇਰਕ
ਖੰਨਾ, 24 ਜੁਲਾਈ
ਸਮਾਜ ਸੇਵੀ ਸੰਸਥਾ ‘ਵੁਆਇਸ ਆਫ਼ ਖੰਨਾ ਸਿਟੀਜ਼ਨ’ ਦਾ ਵਫ਼ਦ ਹਰਪ੍ਰੀਤ ਸਿੰਘ ਪ੍ਰਿੰਸ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਮਨਿੰਦਰ ਸਿੰਘ ਭਸੀਨ ਨੂੰ ਮਿਲਿਆ। ਕਾਨੂੰਨੀ ਸਲਾਹਕਾਰ ਐਡਵੋਕੇਟ ਸੰਜੀਵ ਸਹੋਤਾ ਅਤੇ ਡਾ. ਰਾਹੁਲ ਸ਼ੁਕਲਾ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਈਐੱਨਟੀ ਦਾ ਕੋਈ ਮਾਹਿਰ ਡਾਕਟਰ ਨਹੀਂ, ਜਿਸ ਕਾਰਨ ਮਰੀਜ਼ਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇੱਕ ਹੋਰ ਐੱਮਡੀ (ਮੈਡੀਸਨ) ਡਾਕਟਰ ਅਤੇ ਮਨੋਵਿਗਿਆਨੀ ਡਾਕਟਰ ਦੀ ਨਿਯੁਕਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਹੋਰ ਸਹੂਲਤਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕਰਵਾਇਆ ਜਾਵੇ। ਐਡਵੋਕੇਟ ਮਨਦੀਪ ਸਿੰਘ ਲਹਿਰੀ ਅਤੇ ਪ੍ਰਧਾਨ ਪ੍ਰਿੰਸ ਨੇ ਕਿਹਾ ਕਿ ਹਸਪਤਾਲ ਵਿੱਚ ਸਿਹਤ ਸੇਵਾਵਾਂ ਹੋਰ ਪੁਖਤਾ ਕਰਨ ਦੇ ਮੁੱਦੇ ’ਤੇ ਜਲਦੀ ਹੀ ਸਿਹਤ ਮੰਤਰੀ ਨੂੰ ਮਿਲਿਆ ਜਾਵੇਗਾ। ਵਿਕਾਸ ਗੁਪਤਾ ਨੇ ਦੱਸਿਆ ਕਿ ਮੰਗਾਂ ਸਬੰਧੀ ਪੱਤਰ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਡੀ.ਸੀ ਲੁਧਿਆਣਾ ਅਤੇ ਸਿਵਲ ਸਰਜਨ ਲੁਧਿਆਣਾ ਨੂੰ ਭੇਜ ਦਿੱਤਾ ਗਿਆ ਹੈ।