ਜੋਗਿੰਦਰ ਸਿੰਘ ਓਬਰਾਏ
ਖੰਨਾ, 10 ਜੁਲਾਈ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪਿਛਲੇ ਲੰਮੇ ਸਮੇਂ ਤੋਂ ਮਾਮੂਲੀ ਤਨਖਾਹਾਂ ’ਤੇ ਠੇਕਾ ਆਧਾਰਿਤ ਨੌਕਰੀ ਕਰਦੇ ਮਗਨਰੇਗਾ ਮੁਲਾਜ਼ਮਾਂ ਨੇ ਸੇਵਾਵਾਂ ਰੈਗੂਲਰ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਹੜਤਾਲ ਆਰੰਭੀ ਹੋਈ ਹੈ। ਅੱਜ ਮੁਲਾਜ਼ਮਾਂ ਦਾ ਵੱਡਾ ਜਥਾ ਮੰਡੀ ਗੋਬਿੰਦਗੜ੍ਹ ਕੌਮੀ ਹਾਈਵੇਅ ’ਤੇ ਚੱਲ ਰਹੇ ਧਰਨੇ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਵਿਭਾਗ ਵਿਚ ਨਿਗੂਣੀਆਂ ਤਨਖਾਹਾਂ ’ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਹਨ। ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਬੀਤ ਜਾਣ ’ਤੇ ਵੀ ਹੁਣ ਤੱਕ ਸਰਕਾਰ ਨੇ ਮੁਲਾਜ਼ਮਾਂ ਦੀ ਸਾਰ ਨਹੀਂ ਲਈ, ਜਿਸ ਦੇ ਰੋਸ ਵਜੋਂ ਅਣਮਿੱਥੇ ਸਮੇਂ ਲਈ ਹੜਤਾਲ ਆਰੰਭੀ ਗਈ ਹੈ। ਮੁਲਾਜ਼ਮ ਆਗੂ ਸੰਦੀਪ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਮੁਲਾਜ਼ਮਾਂ ਦੇ ਧਰਨੇ ਲਈ ਕਿਸਾਨਾਂ ਦਾ ਜਥਾ ਰਵਾਨਾ
ਪਾਇਲ (ਦੇਵਿੰਦਰ ਸਿੰਘ ਜੱਗੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਹਮਾਇਤ ’ਚ ਪਿੰਡ ਘਲੋਟੀ ਤੋਂ ਬੀਕੇਯੂ ਦੇ ਆਗੂ ਗੋਬਿੰਦਗੜ੍ਹ ਸੜਕ ਜਾਮ ਕਰਨ ਲਈ ਰਵਾਨਾ ਹੋਏ। ਆਗੂ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਸਰਕਾਰੀ ਅਦਾਰਿਆਂ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪ ਕੇ ਨੌਕਰੀਆਂ ਦਾ ਭੋਗ ਪਾਇਆ ਜਾ ਰਿਹਾ ਹੈ, ਉਥੇ ਮੁਲਾਜ਼ਮਾਂ ਨੂੰ ਤਨਖ਼ਾਹ ਵੀ ਘੱਟ ਅਤੇ ਕੰਮ ਜ਼ਿਆਦਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਛੋਟੇ ਦੁਕਾਨਦਾਰਾਂ, ਛੋਟੇ ਸਨਅਤਕਾਰਾਂ ਅਤੇ ਹੋਰ ਮਿਹਨਤ ਕਰਨ ਵਾਲੇ ਲੋਕਾਂ ਇੱਕ ਮੰਚ ’ਤੇ ਇਕੱਠੇ ਹੋਣ।