ਸੰਤੋਖ ਗਿੱਲ
ਰਾਏਕੋਟ, 4 ਅਗਸਤ
ਭਗਵੰਤ ਮਾਨ ਸਰਕਾਰ ਵੱਲੋਂ ਕਲੈਕਟਰ ਰੇਟਾਂ ਵਿਚ ਕੀਤੇ ਭਾਰੀ ਵਾਧੇ, ਇਤਰਾਜ਼ਹੀਣਤਾ ਸਰਟੀਫਿਕੇਟ ਅਤੇ ਅਸ਼ਟਾਮਾਂ ਦੀ ਗੁੰਝਲਦਾਰ ਵਿਕਰੀ ਕਾਰਨ ਖੱਜਲ-ਖੁਆਰ ਹੋ ਰਹੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਅਤੇ ਮਿਲਖ ਕਾਰੋਬਾਰ ਨੂੰ ਤਬਾਹ ਹੋਣ ਤੋਂ ਬਚਾਉਣ ਲਈ ਅੱਜ ਰਾਏਕੋਟ ਤਹਿਸੀਲ ਦਫ਼ਤਰ ਵਿਚ ਇਲਾਕੇ ਦੇ ਪ੍ਰਾਪਰਟੀ ਡੀਲਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸ਼ਾਮ ਲਾਲ ਗੋਇਲ ਨੇ ਕਿਹਾ ਕਿ ਲੋਕਾਂ ਨੇ ਬਹੁਤ ਉਮੀਦਾਂ ਨਾਲ ਰਵਾਇਤੀ ਪਾਰਟੀਆਂ ਦੀ ਥਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਵੋਟਾਂ ਪਾਈਆਂ ਸਨ, ਪਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਥਾਂ ਹੋਰ ਵਧਾ ਦਿੱਤੀਆਂ ਹਨ। ਜ਼ਮੀਨਾਂ ਦੀ ਖ਼ਰੀਦ-ਫ਼ਰੋਖ਼ਤ ਰੁਕਣ ਨਾਲ ਜਿੱਥੇ ਇਸ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ, ਉੱਥੇ ਸਰਕਾਰੀ ਖ਼ਜ਼ਾਨੇ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਤਵੱਜੋ ਨਾ ਦਿੱਤੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਧਰਨਾਕਾਰੀ ਪ੍ਰਾਪਰਟੀ ਡੀਲਰਾਂ ਨੇ ਐੱਸਡੀਐੱਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਨੂੰ ਮੰਗ ਪੱਤਰ ਵੀ ਸੌਂਪਿਆ।
ਚੇਅਰਮੈਨ ਭਾਗ ਸਿੰਘ ਨੰਬਰਦਾਰ ਅਤੇ ਸਕੱਤਰ ਰਿਸ਼ੀ ਸ਼ਰਮਾ ਨੇ ਅਣਅਧਿਕਾਰਤ ਕਾਲੋਨੀਆਂ ਨੂੰ ਰੋਕਣ ਲਈ ਨਿਯਮ ਸਰਲ ਕੀਤੇ ਜਾਣ ਦੀ ਮੰਗ ਕੀਤੀ ਅਤੇ ਅਸ਼ਟਾਮਾਂ ਦੀ ਵਿਕਰੀ ਪ੍ਰਕਿਰਿਆ ਵੀ ਸਰਲ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਾਪਰਟੀ ਕਾਰੋਬਾਰੀਆਂ ਖ਼ਿਲਾਫ਼ ਦਰਜ ਕੀਤੇ ਨਾਜਾਇਜ਼ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਹੈ।