ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਜੁਲਾਈ
ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਅਧੀਨ ਪੈਂਦੇ ਗਿਆਸਪੁਰਾ ਸਥਿਤ ਸੁਵਿਧਾ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕੰਮ ਕਰਵਾਉਣ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦਾ ਤੁਰੰਤ ਹੱਲ ਵੀ ਕਰਵਾਇਆ।
ਇਸ ਮੌਕੇ ਵਿਧਾਇਕਾ ਛੀਨਾ ਨੇ ਸੁਵਿਧਾ ਕੇਂਦਰ ਦੇ ਸਟਾਫ ਨੂੰ ਸਖਤ ਆਦੇਸ਼ ਦਿੱਤੇ ਕਿ ਉਹ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਅਤੇ ਈਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਤੋਂ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨਾਲ ਸਟਾਫ਼ ਨਰਮੀ ਨਾਲ ਪੇਸ਼ ਆਵੇ ਅਤੇ ਸੀਨੀਅਰ ਸਿਟੀਜ਼ਨ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਇਸ ਸਰਕਾਰ ਦੇ ਰਾਜ ਵਿੱਚ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਨੂੰ ਰਿਸ਼ਵਤ ਨਹੀਂ ਲੈਣ ਦਿੱਤੀ ਜਾਵੇਗੀ। ਉਨ੍ਹਾਂ ਇਕੱਤਰ ਲੋਕਾਂ ਨੂੰ ਵੀ ਕਿਹਾ ਕਿ ਜੇਕਰ ਉਨ੍ਹਾਂ ਕੋਲੋਂ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇ ਜਾਂ ਉਨ੍ਹਾਂ ਦੇ ਮੁੱਖ ਦਫ਼ਤਰ ਬਾਪੂ ਮਾਰਕੀਟ ਲੁਹਾਰਾ ਵਿੱਚ ਸੰਪਰਕ ਕੀਤਾ ਜਾਵੇ।