ਸੰਤੋਖ ਗਿੱਲ
ਗੁਰੂਸਰ ਸੁਧਾਰ, 10 ਅਗਸਤ
ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਅੱਗੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਹਕੂਮਤ ਵਿਰੁੱਧ ਲੜੀਵਾਰ ਧਰਨਾ ਅੱਜ ਵੀ ਜਾਰੀ ਰਿਹਾ। ਧਰਨੇ ਦੌਰਾਨ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਟਰੱਸਟੀ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿੱਚ ਫਿਰਕੂ ਆਧਾਰ ‘ਤੇ ਵੰਡੀਆਂ ਪਾ ਕੇ ਬਾਬੇ ਨਾਨਕ ਅਤੇ ਮਰਦਾਨੇ ਦੀ ਏਕਤਾ ਨੂੰ ਤੋੜਨ ਲਈ ਯਤਨਸ਼ੀਲ ਹੈ, ਪਰ ਉਹ ਕਦੇ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਫਾਸ਼ੀਵਾਦੀ ਸਰਕਾਰ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਦੇਸ਼ ਵਿਆਪੀ ਕਿਸਾਨ ਅੰਦੋਲਨ ਨੂੰ ਕੁਰਾਹੇ ਪਾ ਕੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਨੀਤੀਆਂ ਨੂੰ ਹੋਰ ਵੀ ਤੇਜ਼ੀ ਨਾਲ ਲਾਗੂ ਕਰਨਾ ਚਾਹੁੰਦੀ ਹੈ। ਜਮਹੂਰੀ ਕਿਸਾਨ ਸਭਾ ਸੂਬਾਈ ਆਗੂ ਪ੍ਰਗਟ ਸਿੰਘ ਜਾਮਾਰਾਏ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਮੁਕੇਰੀਆਂ ਨੇ ਮੀਡੀਆ ਦੇ ਇਕ ਹਿੱਸੇ ਵੱਲੋਂ ਅੰਦੋਲਨ ਬਾਰੇ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਨਿੰਦਾ ਕੀਤੀ ਅਤੇ ਉਨ੍ਹਾਂ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਨੂੰ ਬੰਦ ਕਰਨ ਦੇ ਐਲਾਨ ਨੂੰ ਮੋਰਚੇ ਦੀ ਮੁੱਢਲੀ ਜਿੱਤ ਕਰਾਰ ਦਿੱਤਾ। ਧਰਨੇ ਦੀ ਅਗਵਾਈ ਚਰਨਜੀਤ ਕੌਰ, ਗੁਰਮੀਤ ਕੌਰ ਅਤੇ ਮਹਿੰਦਰ ਕੌਰ ਕਿਲ੍ਹਾ ਰਾਏਪੁਰ ਨੇ ਕੀਤੀ।
ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਕਿਸਾਨ ਸੰਘਰਸ਼ ਮੋਰਚੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਨੂੰ ਲੋਕ ਸਰੋਕਾਰਾਂ ਬਾਰੇ ਵੀ ਮੂੰਹ ਖੋਲ੍ਹਣ ਅਤੇ ਭਖਵੇਂ ਜਨਤਕ ਮੁੱਦਿਆਂ ’ਤੇ ਟਵੀਟ ਕਰਨ ਦੀ ਚੁਣੌਤੀ ਦਿੱਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਅਜਿਹੀ 56 ਇੰਚ ਚੌੜੀ ਛਾਤੀ ਅਤੇ ਵੱਡੇ ਜਿਗਰੇ ਦਾ ਕੀ ਫਾਇਦਾ ਜੇਕਰ ਪ੍ਰਧਾਨ ਮੰਤਰੀ ਦੇਸ਼ ਦੀ ਜਨਤਾ ਨਾਲ ਸਿੱਧੇ ਤੌਰ ’ਤੇ ਜੁੜੇ ਮੁੱਦਿਆਂ ’ਤੇ ਮੂੰਹ ਤੱਕ ਨਹੀਂ ਖੋਲ੍ਹਦੇ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਇੰਦਰਜੀਤ ਧਾਲੀਵਾਲ, ਗੁਰਪ੍ਰੀਤ ਸਿੰਘ ਸਿੱਧਵਾਂ, ਧਰਮ ਸਿੰਘ ਸੂਜਾਪੁਰ, ਜਗਤਾਰ ਸਿੰਘ ਦੇਹੜਕਾ, ਲੋਕ ਆਗੂ ਕੰਵਲਜੀਤ ਖੰਨਾ ਨੇ ਦੇਸ਼ ਦੀ ਪਾਰਲੀਮੈਂਟ ਦੇ ਸਮਾਨਅੰਤਰ ਜੰਤਰ ਮੰਤਰ ’ਤੇ ਚੱਲੀ ਕਿਸਾਨ ਸੰਸਦ ਦੀ ਸਫ਼ਲਤਾ ’ਤੇ ਤਸੱਲੀ ਪ੍ਰਗਟਾਈ। ਜ਼ਿਕਰਯੋਗ ਹੈ ਕਿ ਰੇਲਵੇ ਪਾਰਕ ਵਿੱਚ ਚੱਲ ਰਿਹਾ ਕਿਸਾਨ ਸੰਘਰਸ਼ ਮੋਰਚਾ ਅੱਜ 314ਵੇਂ ਦਿਨ ਵੀ ਜਾਰੀ ਰਿਹਾ।