ਸੰਤੋਖ ਗਿੱਲ
ਗੁਰੂਸਰ ਸੁਧਾਰ, 8 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਪਿੰਡ ਸੁਧਾਰ ਦੇ ਗੁਰਦੁਆਰਾ ਸ਼ਹੀਦਾਂ ਵਿਚ ਇਲਾਕੇ ਦੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੋਦੀ ਦੀ ਫਾਸ਼ੀਵਾਦੀ ਹਕੂਮਤ ਜਿੱਥੇ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ’ਤੇ ਤੁਲੀ ਹੋਈ ਹੈ, ਉੱਥੇ ਦੇਸ਼ ਦੇ ਸਮੁੱਚੇ ਖੇਤੀ ਸੈਕਟਰ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਰੱਸੇ ਵੱਟਣ ਲੱਗੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਜਿਣਸਾਂ ਦੀ ਖ਼ਰੀਦ ਬੰਦ ਕਰ ਕੇ ਘੱਟੋ-ਘੱਟ ਸਮਰਥਨ ਮੁੱਲ ਦੇ ਭੋਗ ਉਪਰੰਤ ਕਿਸਾਨਾਂ ਦਾ ਲੱਕ ਤੋੜ ਕੇ ਉਨ੍ਹਾਂ ਨੂੰ ਮੁਨਾਫ਼ੇ ਦੇ ਕਾਰਪੋਰੇਟ ਬਘਿਆੜਾਂ ਅੱਗੇ ਸੁੱਟਣ ਤੇ ਠੇਕਾ ਅਧਾਰਿਤ ਖੇਤੀ ਪ੍ਰਬੰਧ ਲਾਗੂ ਕਰਨ ਲਈ ਹੀ ਉੱਪਰੋਥਲੀ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਲਿਆਂਦੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ 10 ਅਗਸਤ ਨੂੰ ਸਕੂਟਰ/ਮੋਟਰਸਾਈਕਲ ਮਾਰਚ ਕਰਦੇ ਹੋਏ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣ।
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਕਿਸਾਨੀ ਮਸਲਿਆਂ ’ਤੇ ਚਰਚਾ
ਲੁਧਿਆਣਾ (ਗੁਰਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਐਲਾਨ ਕੀਤਾ ਹਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਮਸਲਿਆਂ ਦਾ ਕੋਈ ਹੱਲ ਨਾ ਕੱਢਿਆ ਤਾਂ ਉਸ ਜ਼ੋਰਦਾਰ ਸੰਘਰਸ਼ ਕਰਕੇ ਕਿਸਾਨਾਂ ਦੇ ਮਸਲੇ ਹੱਲ ਕਰਾਉਣਗੇ। ਅੱਜ ਸਰਾਭਾ ਨਗਰ ਵਿੱਚ ਜਥੇਬੰਦੀ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਕਿਸਾਨਾਂ ਦੇ ਮਸਲਿਆਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਇਸ ਮੌਕੇ ਹਰਮੀਤ ਸਿੰਘ ਕਾਦੀਆਂ, ਕੁਲਦੀਪ ਸਿੰਘ ਚੱਕਭਾਈਕਾ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਨੂੰ ਤਬਾਹ ਕਰਨ ਲਈ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ ਜੋ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੀ ਜ਼ਮੀਨ ਠੇਕੇ ਤੇ ਦੇਣ ਵਾਲੇ ਕਿਸਾਨਾਂ ਉਪਰ 18 ਫ਼ੀਸਦੀ ਆਮਦਨ ਕਰ ਲਗਾਉਣਾ ਕਿਸਾਨਾਂ ਦੀ ਸਿੱਧੀ ਲੁੱਟ ਹੈ।