ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 22 ਅਗਸਤ
ਸੀਪੀਆਈ (ਐੱਮ) ਦੀ ਸੂਬਾਈ ਲੀਡਰਸ਼ਿਪ ਵੱਲੋਂ ਸਤੰਬਰ ਦੇ ਦੂਜੇ ਹਫ਼ਤੇ ਮੇਲਾ ਛਪਾਰ ਵਿੱਚ ਕੀਤੀ ਜਾਣ ਵਾਲੀ ਕਾਨਫਰੰਸ ਦੌਰਾਨ ਹਮਖਿਆਲੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਕੱਟੜਤਾ ਦੇ ਏਜੰਡੇ ਰਾਹੀਂ ਦੇਸ਼ ਅਤੇ ਸੂਬੇ ਦੀ ਆਰਥਿਕਤਾ, ਲੋਕਤੰਤਰ ਅਤੇ ਸੰਵਿਧਾਨ ਨੂੰ ਢਾਹ ਲਗਾਉਣ ਦੀਆਂ ਕੋਝੀਆਂ ਚਾਲਾਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਪਾਰਟੀ ਨੇ ਚਿਤਾਵਨੀ ਦਿੱਤੀ ਹੈ ਕਿ ਆਰਐੱਸਐੱਸ ਦਾ ਹਥਠੋਕਾ ਬਣ ਚੁੱਕੀ ਕੇਂਦਰ ਸਰਕਾਰ ਦਾ ਹਿੰਦੂਤਵ ਤੇ ਭਗਵਾਂਕਰਨ ਦਾ ਏਜੰਡਾ ਕਰੋਨਾ ਵਾਇਰਸ ਨਾਲੋਂ ਵੀ ਘਾਤਕ ਵਿਸ਼ਾਣੂ ਹੈ। ਸਥਾਨਕ ਸ਼ਹਿਰ ਤੋਂ ਇਲਾਵਾ ਲੁਧਿਆਣਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਪਿੰਡਾਂ ਵਿੱਚ 10 ਸਤੰਬਰ ਨੂੰ ਹੋਣ ਵਾਲੀ ਕਾਨਫਰੰਸ ਦੀ ਤਿਆਰੀ ਸਬੰਧੀ ਮੀਟਿੰਗਾਂ ਕਰਨ ਤੋਂ ਬਾਅਦ ਸੂਬਾ ਸਕੱਤਰ ਐਡਵੋਕੇਟ ਸੁਖਵਿੰਦਰ ਸਿੰਘ ਸੇਖੋਂ ਨੇ ਗੱਲ ਕਰਦਿਆਂ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੌਮੀ ਝੰਡੇ ਦੇ ਬਹਾਨੇ ਦੇਸ਼ ਭਗਤੀ ਦਾ ਪਾਖੰਡ ਕਰਕੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੀ ਕੁਰਬਾਨੀ ਨੂੰ ਪਿੱਛੇ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ 14 ਸਤੰਬਰ ਤੋਂ ਕੌਮੀ ਪੱਧਰ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਜਿਸ ਦੌਰਾਨ ਆਮ ਲੋਕਾਂ ਨੂੰ ਕੌਮੀ ਝੰਡੇ ਦੀ ਮਰਿਆਦਾ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਬ੍ਰਿਟਿਸ਼ ਸਰਕਾਰ ਤੋਂ ਮੁਆਫੀਆਂ ਮੰਗਣ ਵਾਲੀ ਆਰਐੱਸਐੱਸ ਦੀਆਂ ਕੌਮੀ ਝੰਡੇ ਪ੍ਰਤੀ ਦਾ ਭਾਵਨਾਵਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।